ਸਿਲੈਕਟ ਕਮੇਟੀ ਵੱਲੋਂ ਬੇਅਦਬੀ ਖਿਲਾਫ਼ ਬਿੱਲ ਦੇ ਖਰੜੇ ’ਤੇ ਚਰਚਾ
ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਨੇ ਬੇਅਦਬੀ ਖਿਲਾਫ ਬਿੱਲ ਦੇ ਖਰੜੇ ’ਤੇ ਅੱਜ ਪਹਿਲੀ ਮੀਟਿੰਗ ਕੀਤੀ। 'ਆਪ' ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਾਲੀ ਕਮੇਟੀ ਦੀ ਮੀਟਿੰਗ ਵਿੱਚ 15 ਮੈਂਬਰਾਂ ਵਿੱਚੋਂ 13 ਵਿਧਾਇਕ ਮੌਜੂਦ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੀਟਿੰਗ ਵਿੱਚ ਮੌਜੂਦ ਸਨ।
ਮੀਟਿੰਗ ਤੋ ਬਾਅਦ ਨਿੱਝਰ ਨੇ ਕਿਹਾ ਕਿ ਅਗਲੀ ਮੀਟਿੰਗ ਮੰਗਲਵਾਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਦੇਸ਼ ਵਿਦੇਸ਼ ’ਚ ਇਸ ਬਾਰੇ ਬਣੇ ਕਾਨੂੰਨਾਂ ਦੀ ਘੋਖ ਕੀਤੀ ਜਾਵੇਗੀ ਅਤੇ ਆਮ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ। ਨਿੱਝਰ ਨੇ ਕਿਹਾ ਕਿ ਉਹ ਹਰ ਹਫ਼ਤੇ ਮੀਟਿੰਗ ਕਰਨਗੇ।
ਸਿਲੈਕਟ ਕਮੇਟੀ ਦੀ ਅੱਜ ਦੀ ਮੀਟਿੰਗ ਵਿਧਾਨ ਸਭਾ ਸਕੱਤਰੇਤ ਵਿੱਚ ਹੋਈ ਅਤੇ ਇਹ ਨਵੇਂ ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਦੇ ਉਪਬੰਧਾਂ 'ਤੇ ਜਨਤਾ ਦੇ ਨਾਲ-ਨਾਲ ਧਾਰਮਿਕ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਤੋਂ ਫੀਡਬੈਕ ਲੈਣ ਦੀਆਂ ਯੋਜਨਾਵਾਂ ਤਿਆਰ ਕਰਨ ਲਈ ਬੁਲਾਈ ਗਈ ਸੀ।
ਕਮੇਟੀ ਵਿੱਚ ਕਾਂਗਰਸ ਦੇ ਦੋ ਵਿਧਾਇਕ- ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਬਲਵਿੰਦਰ ਸਿੰਘ, ਭਾਜਪਾ (ਜੰਗੀ ਲਾਲ ਮਹਾਜਨ) ਅਤੇ ਸ਼੍ਰੋਮਣੀ ਅਕਾਲੀ ਦਲ (ਮਨਪ੍ਰੀਤ ਸਿੰਘ ਇਆਲੀ) ਤੋਂ ਇੱਕ-ਇੱਕ ਮੈਂਬਰ ਸ਼ਾਮਲ ਹਨ। ਇਸ ਤੋਂ ਇਲਾਵਾ ਸੱਤਾਧਾਰੀ 'ਆਪ' ਦੇ ਦਸ ਮੈਂਬਰ ਅਜੈ ਗੁਪਤਾ, ਅਮਨਦੀਪ ਕੌਰ, ਇੰਦਰਜੀਤ ਕੌਰ ਮਾਨ, ਬਲਜਿੰਦਰ ਕੌਰ, ਨੀਨਾ ਮਿੱਤਲ, ਜਗਦੀਪ ਕੰਬੋਜ, ਬੁੱਧ ਰਾਮ, ਬ੍ਰਹਮ ਸ਼ੰਕਰ ਜਿੰਪਾ, ਮਦਨ ਬੱਗਾ ਅਤੇ ਮੁਹੰਮਦ ਜਮੀਲ ਉਰ ਰਹਿਮਾਨ ਹਨ ।