ਅਨੁਰਾਗ ਵਰਮਾ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਅਨੁਰਾਗ ਵਰਮਾ ਨੇ ਕਿਹਾ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਬੰਧਿਤ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਸਬੰਧੀ ਡਾਟਾ ਇਕੱਠਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ-ਵਟਾਂਦਰਾ ਕਰਕੇ ਪੀੜਤਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ 107 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ ਅਤੇ 45,000 ਦੇ ਕਰੀਬ ਲੋਕ ਹੜ੍ਹ ਦੀ ਮਾਰ ਹੇਠ ਆਏ ਹਨ।
ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਪ੍ਰਭਾਵਿਤ ਹੋਏ ਕੁਝ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਅੱਠ ਰਾਹਤ ਕੇਂਦਰਾਂ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਗੱਟੀ ਰਾਜੋ ਕੇ ਦੇ ਲੋਕਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਪਿੰਡ ਵਿੱਚ ਹੜ੍ਹ ਦੇ ਪਾਣੀ ਦੀ ਨਿਕਾਸੀ ਤੇਜ਼ੀ ਦੇ ਨਾਲ ਨਹੀਂ ਹੋ ਰਹੀ, ਇਸ ਲਈ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਸੀਬੀ ਦੀ ਮਦਦ ਨਾਲ ਜਲਦੀ ਤੋਂ ਜਲਦੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਪਿੰਡਾਂ ਦੇ ਸੜਕੀ ਸੰਪਰਕ ਦੀ ਬਹਾਲੀ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਿਨ-ਰਾਤ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ ਅਤੇ ਤਰਪਾਲਾਂ ਸਣੇ ਹੋਰ ਜ਼ਰੂਰੀ ਸਮਾਨ ਫ਼ੌਜ, ਐੱਨਡੀਆਰਐੱਫ, ਪੰਜਾਬ ਪੁਲੀਸ ਅਤੇ ਬੀਐੱਸਐੱਫ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਹੁਣ ਤੱਕ 3300 ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਡਿਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ, ਏਡੀਸੀ ਦਮਨਜੀਤ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।