ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੂਨ
ਅਮਰੀਕਾ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਉਥੋਂ ਦੇ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਦੀ ਸੱਦੀ ਗਈ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਿਦੇਸ਼ਾਂ ’ਚ ਸਥਿਤ ਸੰਸਥਾਵਾਂ ਵਿੱਚ ਪਾਵਨ ਸਰੂਪ ਪਹੁੰਚਾਉਣ ਦੇ ਪ੍ਰਬੰਧ ਕਰਨ। ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਬੁਲਾਰੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਨਿਊਯਾਰਕ, ਨਿਊ ਜਰਸੀ, ਮੈਰੀਲੈਂਡ, ਪੈਨਸਿਲਵੇਨੀਆ, ਮੈਸਾਚਿਊਸਟਸ, ਵਰਜੀਨੀਆ ਆਦਿ ਦੇ ਗੁਰਦੁਆਰਿਆਂ ਦੇ ਪ੍ਰਬੰਧਕ ਸ਼ਾਮਲ ਹੋਏ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਵਿਦੇਸ਼ਾਂ ਵਿੱਚ ਵਸਦੀ ਸੰਗਤ ਤੇ ਗੁਰਦੁਆਰਿਆਂ ਲਈ ਪਾਵਨ ਸਰੂਪ ਭੇਜਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਉਤਰੀ ਅਮਰੀਕਾ ਤੇ ਯੂਰਪ ਆਦਿ ਥਾਵਾਂ ’ਤੇ ਪਾਵਨ ਸਰੂਪਾਂ ਦੀ ਅਧਿਕਾਰਤ ਛਪਾਈ ਲਈ ਪੱਕੇ ਪ੍ਰਬੰਧ ਕੀਤੇ ਜਾਣ ਦੀ ਵੀ ਮੰਗ ਰੱਖੀ ਗਈ।
ਇਸ ਦੌਰਾਨ ਮਤਾ ਪਾਸ ਕਰਕੇ ਚੀਨ ਤੋਂ ਸਰੂਪ ਛਪਵਾ ਕੇ ਅਮਰੀਕਾ ਅਤੇ ਕੈਨੇਡਾ ਵੱਖ-ਵੱਖ ਥਾਵਾਂ ’ਤੇ ਇਨ੍ਹਾਂ ਨੂੰ ਭੇਜਣ ਸਮੇਂ ਹੋਈ ਮਰਿਆਦਾ ਦੀ ਉਲੰਘਣਾ ਲਈ ਛੇ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਇਸ ਮੌਕੇ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਇਨ੍ਹਾਂ ਵਿਅਕਤੀਆਂ ਨੂੰ ਧਾਰਮਿਕ ਸਟੇਜਾਂ ਤੋਂ ਨਾ ਬੋਲਣ ਦਿੱਤਾ ਜਾਵੇ ਅਤੇ ਸਿਆਸੀ ਨੁਮਾਇੰਦਿਗੀ ਨਾ ਕਰਨ ਦਿੱਤੀ ਜਾਵੇ। ਇਨ੍ਹਾਂ ਛੇ ਵਿਅਕਤੀਆਂ ਵਿੱਚ ਅਮਰੀਕਾ ਵਾਸੀ ਥਮਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਤੋਂ ਵੀ ਤਨਖਾਹੀਆ ਕਰਾਰ ਦਿੱਤਾ ਗਿਆ ਹੈ।
ਝਾਰਖੰਡ ਵਿੱਚ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ: ਝਾਰਖੰਡ ਦੇ ਜ਼ਿਲ੍ਹਾ ਚਤਰਾ ਦੇ ਸਿੱਖ ਆਬਾਦੀ ਵਾਲੇ ਦੋ ਪਿੰਡਾਂ ਕੇਦੁਲੀ ਤੇ ਡੂੰਮਰੀ ਕਲਾਂ ਵਿੱਚ ਅੱਜ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਪਿੰਡ ਕੇਦੁਲੀ ਤੇ ਡੂੰਮਰੀ ਕਲਾਂ ਵਿੱਚ ਗੁਰੂ ਤੇਗ ਬਹਾਦਰ ਨੇ ਫੇਰੀ ਪਾਈ ਸੀ। ਪਿੰਡ ਕੇਦੁਲੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪੁਰਾਤਨ ਹੱਥ ਲਿਖਤ ਸਰੂਪ ਵੀ ਸੁਸ਼ੋਭਿਤ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਉਥੋਂ ਦੇ ਸਿੱਖਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖੀ ਨੂੰ ਸੰਭਾਲਿਆ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦੋਵਾਂ ਪਿੰਡਾਂ ਲਈ ਢਾਈ-ਢਾਈ ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ ਕੀਤਾ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਮੋਹਨ ਸਿੰਘ ਬੰਗੀ, ਗੁਰਪ੍ਰੀਤ ਸਿੰਘ ਝੱਬਰ, ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਹਾਜ਼ਰ ਸਨ।