ਦਵਿੰਦਰ ਪਾਲ
ਚੰਡੀਗੜ੍ਹ, 9 ਜੁਲਾਈ
ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੂੰਜੀਪਤੀਆਂ ਦੀਆਂ ਵਸਤੂਆਂ ਦਾ ਬਾਈਕਾਟ ਜਾਰੀ ਰੱਖਿਆ ਜਾਵੇ ਤਾਂ ਜੋ ਅੰਦੋਲਨ ਦੀਆਂ ਮੰਗਾਂ ਦੀ ਜਿੱਤ ਪ੍ਰਾਪਤੀ ਜਲਦੀ ਹੋ ਸਕੇ। ਪੰਜਾਬ ਦੇ ਸਮੂਹ ਵਰਗਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਮਹਿੰਗਾਈ ਵਿਰੁੱਧ ਅੰਦੋਲਨ ’ਚ ਕੀਤੀ ਸ਼ਮੂਲੀਅਤ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਚੱਲ ਰਹੇ ਸੰਘਰਸ਼ੀ ਅਖਾੜਿਆਂ ’ਚ ਨਵਾਂ ਜੋਸ਼ ਭਰਿਆ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ। ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿਸਾਨਾਂ ਦੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ’ਚ ਸਮੂਹ ਵਰਗਾਂ ਦੀ ਭਰਵੀਂ ਸ਼ਮੂਲੀਅਤ ਸਾਬਤ ਕਰਦੀ ਹੈ ਕਿ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੇ ਅੰਤ ਦਾ ਕਾਰਨ ਕਿਸਾਨ ਅੰਦੋਲਨ ਬਣੇਗਾ ਤੇ ਭਵਿੱਖ ਵਿੱਚ ਮੋਦੀ ਸਰਕਾਰ ਵੱਲੋਂ ਲਏ ਜਾਣ ਵਾਲੇ ਲੋਕ ਵਿਰੁਧੀ ਫ਼ੈਸਲਿਆਂ ਖ਼ਿਲਾਫ਼ ਮੁਲਕ ਭਰ ਦੇ ਲੋਕਾਂ ਦੀ ਲਾਮਬੰਦੀ ਕੀਤੀ ਜਾਵੇਗੀ। ਬੁਲਾਰਿਆਂ ਨੇ ਭਾਜਪਾ ਨੇਤਾਵਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨਿੱਤਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੰਬਾਨੀ ਤੇ ਅਡਾਨੀ ਘਰਾਣਿਆਂ ਨਾਲ ਹੇਜ ਜੱਗ ਜ਼ਾਹਿਰ ਹੋ ਗਿਆ ਹੈ। ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਰਪੋਰੇਟ ਘਰਾਣਿਆਂ ਦੀਆਂ ਵਸਤੂਆਂ ਦਾ ਬਾਈਕਾਟ ਜਾਰੀ ਰੱਖੋ ਤਾਂ ਜੋ ਅੰਦੋਲਨ ਦੀਆਂ ਮੰਗਾਂ ਦੀ ਜਿੱਤ ਪ੍ਰਾਪਤੀ ਜਲਦੀ ਹੋ ਸਕੇ। ਸੰਯੁਕਤ ਕਿਸਾਨ ਮੋਰਚਾ ਨੇ ਮੰਗ ਕੀਤੀ ਹੈ ਕਿ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ। ਸਾਰੀਆਂ ਜਿਣਸਾਂ ਲਈ ਘੱਟੋ-ਘੱਟ ਲਾਹੇਬੰਦ ਭਾਅ ਦੀ ਗਰੰਟੀ ਦਿੰਦਾ ਨਵਾਂ ਕਾਨੂੰਨ ਲਿਆਂਦਾ ਜਾਵੇ। ਕਿਸਾਨ-ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ਨੂੰ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ ਜਿਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਸਮਾਂ ਬੀਤਣ ਨਾਲ ਕਿਸਾਨ ਅੰਦੋਲਨ ਹੋਰ ਵਧੇਰੇ ਮਜ਼ਬੂਤ, ਸਥਿਰ, ਵਿਆਪਕ ਤੇ ਡੂੰਘਾ ਹੁੰਦਾ ਜਾ ਰਿਹਾ ਹੈ।
ਭਾਜਪਾ ਆਗੂਆਂ ਦੇ ਘਿਰਾਓ ਸਬੰਧੀ ਪਿੰਡਾਂ ਵਿੱਚ ਲਾਮਬੰਦੀ ਦਾ ਫ਼ੈਸਲਾ
ਬਰਨਾਲਾ (ਰਵਿੰਦਰ ਰਵੀ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ ਅੱਜ ਤਰਕਸ਼ੀਲ ਭਵਨ ਵਿੱਚ ਹੋਈ, ਜਿਸ ਵਿੱਚ ਜਥੇਬੰਦੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਏ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਦੀਆਂ ਸੱਤ ਮਜ਼ਦੂਰ ਯੂਨੀਅਨਾਂ ਵੱਲੋਂ 9 ਤੋਂ 11 ਅਗਸਤ ਨੂੰ ਪਟਿਆਲਾ ਵਿੱਚ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਕਿਸਾਨ ਜਥੇਬੰਦੀ ਵੱਲੋਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸੇ ਤਰ੍ਹਾਂ 27 ਤੋਂ 28 ਜੁਲਾਈ ਨੂੰ ਭਾਜਪਾ ਆਗੂਆਂ ਦੇ ਘਿਰਾਓ ਕਰ ਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਨ੍ਹਾਂ ਪ੍ਰਦਰਸ਼ਨਾਂ ਲਈ ਜਥੇਬੰਦੀ ਵੱਲੋਂ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਲਾਮਬੰਦੀ ਕੀਤੀ ਜਾਵੇਗੀ। ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਸ਼ਰਤ ਤਹਿਤ ਕਿਸਾਨਾਂ ਨੂੰ ਗੱਲਬਾਤ ਦੇ ਦਿੱਤੇ ਸੱਦੇ ਸਬੰਧੀ ਕੋਕਰੀ ਕਲਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਵਾਉਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨਾਂ ਦੇ ਜਥੇ 22 ਜੁਲਾਈ ਤੋਂ ਸੰਸਦ ਵੱਲ ਰਵਾਨਾ ਹੋਣਗੇ ਅਤੇ ਗ੍ਰਿਫ਼ਤਾਰੀਆਂ ਦੇਣ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦਾ ਵਿਧਾਨ ਸਭਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਚੋਣ ਲੜਨ ਸਬੰਧੀ ਦਿੱਤਾ ਬਿਆਨ ਨਿੱਜੀ ਹੈ।