ਵਕੀਲਾਂ ਨੂੰ ਝੂਠੇ ਮੁਕਾਬਲੇ ਕਰਨ ਵਾਲਿਆਂ ਤੇ ਨਸ਼ਾ ਤਸਕਰਾਂ ਦੇ ਬਾਈਕਾਟ ਦੀ ਅਪੀਲ
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਦਿੱਤਾ ਸੱਦਾ
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਪੰਜਾਬ ਅਤੇ ਹਰਿਆਣਾ ਦੇ ਵਕੀਲ ਭਾਈਚਾਰੇ ਨੂੰ ਝੂਠੇ ਮੁਕਾਬਲਿਆਂ ਅਤੇ ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ।
ਜਥੇਬੰਦੀਆਂ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਅਤੇ ਬਾਬਾ ਦਰਸ਼ਨ ਸਿੰਘ ਨੇ ਆਖਿਆ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਲੰਮੇ ਸਮੇਂ ਤੋਂ ਬਦੀ ਦੀਆਂ ਤਾਕਤਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ। ਇਸ ਤਹਿਤ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਹੋਏ ਅਤੇ ਹੋ ਰਹੇ ਝੂਠੇ ਮੁਕਾਬਲਿਆਂ ਖ਼ਿਲਾਫ਼ ਲੜਾਈ ਅੱਜ ਵੀ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਭੇਸ ਵਿੱਚ ਕਈ ਧਿਰਾਂ ਝੂਠੇ ਮੁਕਾਬਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਪੱਖ ਪੂਰਦੀਆਂ ਰਹੀਆਂ ਹਨ।
ਉਨ੍ਹਾਂ ਆਖਿਆ ਕਿ ਅੱਜ ਜਦੋਂ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਦੀ 17-18 ਮਾਰਚ ਨੂੰ ਚੋਣ ਹੋ ਰਹੀ ਹੈ ਤਾਂ ਇਹ ਸਮੁੱਚੇ ਵਕੀਲ ਭਾਈਚਾਰੇ ਲਈ ਵੱਡਾ ਇਮਤਿਹਾਨ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਝੂਠੇ ਮੁਕਾਬਲਿਆਂ ਤੇ ਨਸ਼ਿਆਂ ਦੇ ਹਾਮੀਆਂ ਦਾ ਵਿਰੋਧ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਦਾ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਈ ਜਸਵੰਤ ਸਿੰਘ ਖਾਲੜਾ ਕੇਸ ਅਤੇ ਹੋਰ ਕਈ ਕੇਸਾਂ ਵਿੱਚ ਅਜਿਹੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਕਈ ਲਾਭ ਲਏ ਹਨ। ਅਜਿਹੇ ਲੋਕ ਅੱਜ ਵੀ ਸਿੱਧੇ-ਅਸਿੱਧੇ ਢੰਗ ਨਾਲ ਲਾਭ ਲੈ ਰਹੇ ਹਨ ਅਤੇ ਉਨ੍ਹਾਂ ਨੂੰ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਵਿੱਚ ਆਉਣ ਤੋਂ ਰੋਕਣਾ ਚਾਹੀਦਾ ਹੈ।

