ਪੱਤਰ ਪ੍ਰੇਰਕ
ਮਾਨਸਾ, 14 ਜੂਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਸਿਆਸੀ ਲਾਹਾ ਲੈਣ ਲਈ ਸਿੱਧੂ ਮੂਸੇਵਾਲਾ ਦੇ ਨਾਂ ਦੀ ਵਰਤੋਂ ਨਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਇਕ ਗੀਤ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਦੇਹ ਤੇ ਉਸ ਦੀ ਯਾਦਗਾਰ ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ। ਪਰਿਵਾਰ ਨੇ ਸਿੱਧੂ ਮੂਸੇਵਾਲਾ ਦੇ ਯੂ-ਟਿਊਬ ਚੈਨਲ ’ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਅਪੀਲ ਕੀਤੀ ਹੈ। ਪਿਤਾ ਬਲਕੌਰ ਸਿੰਘ ਸਿੱਧੂ, ਮਾਤਾ ਚਰਨ ਕੌਰ ਤੇ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਸਿਆਸੀ ਧਿਰਾਂ ਦੇ ਨੁਮਾਇੰਦੇ ਉਨ੍ਹਾਂ ਦੇ ਘਰ ਦੁੱਖ ਵੰਡਾ ਕੇ ਗਏ ਹਨ ਤੇ ਇਸ ਤੋਂ ਵੱਧ ਹੁਣ ਪਰਿਵਾਰ ਦਾ ਕਿਸੇ ਸਿਆਸੀ ਪਾਰਟੀ ਨਾਲ ਸਬੰਧ ਨਹੀਂ ਹੈ।