ਬੰਦੀ ਸਿੰਘਾਂ ਦੀ ਰਿਹਾਈ ਲਈ 29 ਨੂੰ ਅਰਦਾਸ ਕਰਨ ਦੀ ਅਪੀਲ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਸਮਾਗਮ ਉਲੀਕਿਆ ਹੈ। ਉਸ ਤਹਿਤ...
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਸਮਾਗਮ ਉਲੀਕਿਆ ਹੈ। ਉਸ ਤਹਿਤ ਸਮੂਹ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੀ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਜਦੋਂ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੇ ਕਿਲੇ ਵਿੱਚ ਨਜ਼ਰਬੰਦ ਸਨ ਤਾਂ ਉਸ ਸਮੇਂ ਬਾਬਾ ਬੁੱਢਾ ਜੀ ਨੇ ਸ਼ਬਦ ਚੌਂਕੀਆਂ ਕੱਢੀਆਂ ਸਨ, ਜਿਸ ਨਾਲ ਕੌਮ ਵਿੱਚ ਚੜ੍ਹਦੀ ਕਲਾ ਆਈ ਸੀ। ਉਸ ਵੇਲੇ ਵੀ ਸਿੱਖਾਂ ਨੇ ਸ਼ਬਦ ਗੁਰੂ ਦਾ ਆਸਰਾ ਲਿਆ ਸੀ ਅਤੇ ਅੱਜ ਵੀ ਸਿੱਖਾਂ ਨੂੰ ਸ਼ਬਦ ਗੁਰੂ ਦਾ ਹੀ ਆਸਰਾ ਹੈ। ਜਥੇਦਾਰ ਗੜਗੱਜ ਨੇ ਕਿਹਾ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਅਤੇ ਸਰਕਾਰਾਂ ਵੱਲੋਂ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਅੱਜ ਤੋਂ ਆਰੰਭ ਹੋਣਗੇ ਅਖੰਡ ਪਾਠ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 22 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਇਹ ਅਖੰਡ ਪਾਠ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ।

