ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਪਰੈਲ
ਇਥੋਂ ਦੇ ਸੈਕਟਰ-28 ਵਿੱਚ ਸਿੱਖ ਜਥੇਬੰਦੀਆਂ ’ਤੇ ਆਧਾਰਿਤ ਛੇ ਮੈਂਬਰੀ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਝ ਸਾਲ ਪਹਿਲਾਂ ਗੁਰਬਾਣੀ ਦੇ ਵਪਾਰੀਕਰਨ ਨੂੰ ਰੋਕਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦੀ ਛਪਾਈ ਨੂੰ ਆਪਣੇ ਰਾਹੀਂ ਸ਼ੁਰੂ ਕਰਕੇ ਨਿੱਜੀ ਕੰਪਨੀਆਂ ਵੱਲੋਂ ਬੀੜਾਂ ਛਾਪਣ ’ਤੇ ਪਾਬੰਦੀ ਲਾ ਦਿੱਤੀ ਸੀ ਗਈ। ਉਸੇ ਤਰਜ਼ ਉੱਤੇ ਗੁਰਬਾਣੀ ਦਾ ਪ੍ਰਸਾਰਣ ਨਿੱਜੀ ਚੈਨਲ ਰਾਹੀਂ ਰੋਕ ਕੇ ਗੁਰਬਾਣੀ ਦੇ ਵਪਾਰੀਕਰਨ ਨੂੰ ਬੰਦ ਕੀਤਾ ਜਾਵੇ ਤੇ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸ਼ੁਰੂ ਕਰਕੇ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰੇ। ਕਮੇਟੀ ਨੇ ਗੁਰਬਾਣੀ ਦੇ ਪ੍ਰਸਾਰਨ ਲਈ ਗੁਰਮਤਿ, ਕਾਨੂੰਨੀ ਅਤੇ ਵਿੱਤੀ ਪੱਖਾਂ ’ਤੇ ਆਧਾਰਿਤ ਰਿਪੋਰਟ ਪੇਸ਼ ਕੀਤੀ ਹੈ। ਪੱਤਰਕਾਰ ਚੰਚਲ ਮਨੋਹਰ ਸਿੰਘ, ਸਿੱਖ ਵਿਦਵਾਨ ਅਜੈਪਾਲ ਸਿੰਘ ਬਰਾੜ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਪ੍ਰੋ. ਜਗਮੋਹਨ ਸਿੰਘ, ਪਰਮਜੀਤ ਸਿੰਘ ਗਾਜ਼ੀ ਅਤੇ ਬੀਬੀ ਹਰਸ਼ਰਨ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਮੁਤਾਬਕ ਆਪਣਾ ਟੀਵੀ ਚੈਨਲ ਚਲਾ ਕੇ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਕੈਨੇਡਾ ਦੇ ਇੱਕ ਚੈਨਲ ਖ਼ਿਲਾਫ਼ ਸ਼ਿਕਾਇਤ਼
ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਕਮੇਟੀ ਨੇ ਕੈਨੇਡਾ ਦੇ ਇਕ ਟੀਵੀ ਚੈਨਲ ਦੇ ਮਾਲਕ, ਉਸਦੇ ਪੱਤਰਕਾਰ ਅਤੇ ਪੰਜਾਬ ਦੇ ਉੱਘੇ ਪੱਤਰਕਾਰ ਸਣੇ ਚੈਨਲ ਦੇ ਕੈਮਰਾਮੈਨ ਤੇ ਹੋਰਨਾਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਕੀਤੀ ਹੈ। ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਇਸ ਟੀਵੀ ਚੈਨਲ ਨੇ ਦਰਬਾਰ ਸਾਹਿਬ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਗਲਤ ਪ੍ਰਚਾਰ ਕੀਤਾ ਹੈ, ਜਿਸ ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲੱਗੀ ਹੈ। ਇਹ ਸ਼ਿਕਾਇਤ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਵੱਲੋਂ ਕੀਤੀ ਗਈ ਹੈ। ਸ਼ਿਕਾਇਤ ਪੱਤਰ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੂੰ ਸੌਂਪਿਆ ਗਿਆ ਹੈ। ਸ਼ਿਕਾਇਤ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਅਧਿਕਾਰੀ ਮੌਜੂਦ ਸਨ।