ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚ ਪੰਜ ਵੈਟਰਨਰੀ ਇੰਸਪੈਕਟਰ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਤੇ ਇੱਕ ਗਿਣਤੀਕਾਰ ਸ਼ਾਮਲ ਹਨ। ਇਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ। ਸ੍ਰੀ ਖੁੱਡੀਆਂ ਨੇ ਦਰਜਾ ਚਾਰ ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੰਦੀ ਰਹੇਗੀ।
ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।