ਦਵਿੰਦਰ ਪਾਲ
ਚੰਡੀਗੜ੍ਹ, 20 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਅਧਿਆਪਕ ਤਬਾਦਲਾ ਐਕਟ ਸਬੰਧੀ ਕਾਨੂੰਨ ਲਿਆਉਣ ਲਈ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਿੱਡ-ਡੇਅ ਮੀਲ ਦੇ ਵਰਕਰਾਂ ਦੀਆਂ ਤਨਖਾਹਾਂ ਵਿੱਚ ਮਹੀਨਾਵਾਰ 500 ਰੁਪਏ ਦਾ ਵਾਧਾ ਕਰਨ ਅਤੇ ਇਸ ਸਾਲ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਬਣਨ ਨਾਲ ਸੂਬਾ ਸਰਕਾਰ ਵੱਲੋਂ ਸਾਲ 2019 ਵਿੱਚ ਲਾਗੂ ਕੀਤੀ ਅਧਿਆਪਕ ਤਬਾਦਲਾ ਨੀਤੀ ਨੂੰ ਵਿਧਾਨਕ ਰੂਪ ਮਿਲ ਜਾਵੇਗਾ। ਇਹ ਨੀਤੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਲਿਆਂਦੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਨੀਤੀ ਲਾਗੂ ਹੋਣ ਨਾਲ ਸਕੂਲ ਅਧਿਆਪਕਾਂ ਦੀਆਂ ਬਦਲੀਆਂ ਦੇ ਸੰਦਰਭ ਵਿੱਚ ਭ੍ਰਿਸ਼ਟਾਚਾਰ ਦੀ ਇਕ ਵੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਇਸ ਨੀਤੀ, ਜਿਸ ਦੇ ਘੇਰੇ ਹੇਠ ਹੁਣ ਨਾਨ-ਟੀਚਿੰਗ ਸਟਾਫ ਨੂੰ ਵੀ ਲਿਆਂਦਾ ਜਾ ਚੁੱਕਾ ਹੈ, ਰਾਹੀਂ 1.12 ਲੱਖ ਅਧਿਆਪਕਾਂ ਵਿੱਚੋਂ ਹੁਣ ਤੱਕ 21600 ਅਧਿਆਪਕਾਂ ਨੇ ਲਾਭ ਲਿਆ ਹੈ।
ਮਿੱਡ-ਡੇਅ ਮੀਲ ਦੇ ਵਰਕਰਾਂ ਦੀ ਤਨਖਾਹ ਵਧਾਉਣ ਦੇ ਮੁੱਦੇ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਰਕਰਾਂ ਦੀ ਚਿਰੋਕਣੀ ਮੰਗ ਸੀ। ਇਸ ਕਦਮ ਨਾਲ 19000 ਸਕੂਲਾਂ ਵਿਚ ਮਿੱਡ-ਡੇਅ ਮੀਲ ਦੇ 42000 ਵਰਕਰਾਂ ਨੂੰ ਫਾਇਦਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦੀ ਪ੍ਰਕਿਰਿਆ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗੀ ਅਤੇ ਇਸ ਸਬੰਧੀ ਸਾਲ 2020-21 ਲਈ ਬਜਟ ਵਿਵਸਥਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2020-21 ਦੌਰਾਨ ਬਾਰ੍ਹਵੀਂ ਜਮਾਤ ਵਿਚ ਪੜ੍ਹ ਰਹੇ 1.75 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 3502 ਟੈਬਲੈੱਟ ਦਿੱਤੇ ਗਏ ਜਦਕਿ ਈ-ਲਾਇਬ੍ਰੇਰੀਜ਼ ਲਈ 5.25 ਕਰੋੜ ਰੁਪਏ ਰੱਖੇ ਗਏ ਹਨ। ਵਰਚੁਅਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਵਾਅਦਿਆਂ ਵਿਚੋਂ 15 ਨੂੰ ਅਮਲੀ ਰੂਪ ਦਿੱਤਾ ਗਿਆ ਹੈ ਜਦਕਿ ਦੋ ਨੂੰ ਅੰਸ਼ਿਕ ਤੌਰ ਉੱਤੇ ਲਾਗੂ ਕੀਤਾ ਗਿਆ ਹੈ ਅਤੇ ਤਿੰਨ ਬਕਾਇਆ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਤੇ ਸਰਕਾਰੀ ਸਕੂਲਾਂ ਵਿੱਚ ਦਾਖਲੇ 15.07 ਫੀਸਦੀ ਵਧੇ ਹਨ ਅਤੇ 2020-21 ਦੌਰਾਨ 27.20 ਲੱਖ ਵਿਦਿਆਰਥੀ ਦਾਖ਼ਲ ਕੀਤੇ ਗਏ ਹਨ। ਸਿੱਖਿਆ ਸਕੱਤਰ ਨੇ ਦੱਸਿਆ ਕਿ 19,298 ਸਰਕਾਰੀ ਸਕੂਲਾਂ ਵਿੱਚੋਂ 12,976 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਿਆ ਹੈ।