ਆਨੰਦਪੁਰ ਸਾਹਿਬ ’ਚ ਵਿਸ਼ੇਸ਼ ਇਜਲਾਸ ਲਈ ਰਾਜਪਾਲ ਤੋਂ ਪ੍ਰਵਾਨਗੀ ਮੰਗੀ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਆਨੰਦਪੁਰ ਸਾਹਿਬ ’ਚ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾ ਰਿਹਾ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਸੈਸ਼ਨ ਦੀ ਪ੍ਰਵਾਨਗੀ ਲੈਣ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਰਾਜਪਾਲ ਵੱਲੋਂ ਪ੍ਰਵਾਨਗੀ ਮਿਲਣ ’ਤੇ ਵਿਸ਼ੇਸ਼ ਇਜਲਾਸ ਆਨੰਦਪੁਰ ਸਾਹਿਬ ’ਚ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਹੋਵੇਗਾ। ਸਪੀਕਰ, ਮੁੱਖ ਮੰਤਰੀ ਅਤੇ ਵਿਧਾਇਕਾਂ ਸਮੇਤ ਸੈਸ਼ਨ ਦੇਖਣ ਆਉਣ ਵਾਲਿਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸੈਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਕੇਂਦਰਿਤ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵੱਲੋਂ 26 ਨਵੰਬਰ ਨੂੰ ਵਿਦਿਆਰਥੀਆਂ ਦਾ ਵਿਧਾਨ ਸਭਾ ਵਿੱਚ ਮੌਕ ਸੈਸ਼ਨ ਸੱਦਿਆ ਗਿਆ ਹੈ। ਵਿਧਾਨ ਸਭਾ ਵੱਲੋਂ ਮੌਕ ਸੈਸ਼ਨ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ 19 ਨਵੰਬਰ ਨੂੂੰ ਸਿਖਲਾਈ ਦਿੱਤੀ ਜਾਵੇਗੀ। ਇਸ ਵਿੱਚ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੋਂ ਇਕ-ਇਕ ਵਿਦਿਆਰਥੀ ਦੀ ਚੋਣ ਕੀਤੀ ਗਈ ਹੈ, ਜੋ ਆਪਣੇ ਹਲਕੇ ਦੇ ਵਿਧਾਇਕ ਦੀ ਭੂਮਿਕਾ ’ਚ ਹੋਣਗੇ। ਮੌਕ ਸੈਸ਼ਨ ਵਿੱਚ ਸਪੀਕਰ ਤੋਂ ਲੈ ਕੇ ਮੁੱਖ ਮੰਤਰੀ ਤੱਕ ਵਿਦਿਆਰਥੀ ਹੋਣਗੇ ਜੋ ਉਨ੍ਹਾਂ ਦੇ ਹਲਕਿਆਂ ’ਚੋਂ ਹੀ ਚੁਣੇ ਗਏ ਹਨ।
