ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੂਨ
ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਨੇ ਪਾਕਿਸਤਾਨ ਤੋਂ ਚੱਲਦੇ ਹਥਿਆਰ ਤਸਕਰੀ ਮੌਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਵਾਸੀ ਸੁਖਚੈਨ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਤਿੰਨ 9 ਐੱਮਐੱਮ ਗਲੌਕ, ਚਾਰ ਪੀਐਕਸ5 ਅਤੇ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੇ ਜਾਂਦੇ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ, ਜੋ ਪਾਕਿਸਤਾਨ ਦੇ ਪਿੰਡ ਮਨਿਹਾਲਾ ਦਾ ਰਹਿਣ ਵਾਲਾ ਹੈ ਅਤੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਹੈ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਮੁਲਜ਼ਮ ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਗੁਪਤ ਸੂਚਨਾ ਮਿਲਣ ਮਗਰੋਂ ਫੌਰੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ ਖਾਸਾ ਨੇੜੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ’ਤੇ ਦੋਵਾਂ ਨੂੰ ਕਾਬੂ ਕਰ ਕੇ ਹਥਿਆਰ ਬਰਾਮਦ ਕੀਤੇ ਗਏ।
ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਹੋਰ ਸਬੰਧਾਂ ਬਾਰੇ ਪਤਾ ਲਗਾਉਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਅੰਮ੍ਰਿਤਸਰ ਥਾਣੇ ਵਿੱਚ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐੱਨਐੱੱਸ ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ।