ਇੱਥੋਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਛੇ ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਉਸ ਦਾ ਮੋਟਰਸਾਈਕਲ ਜ਼ਬਤ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਜੋਬਨ ਪ੍ਰੀਤ ਸਿੰਘ ਵਾਸੀ ਪਿੰਡ ਨਾਰਲੀ ਵੱਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਡੀ ਐੱਸ ਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਰਿਡਾ ਪੁਲੀਸ ਨੂੰ ਇਸ ਮਾਮਲੇ ਵਿੱਚ ਇਤਲਾਹ ਮਿਲੀ ਸੀ ਕਿ ਜੋਬਨ ਪ੍ਰੀਤ ਸਿੰਘ ਵਾਸੀ ਨਾਰਲੀ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਅਤੇ ਉਨ੍ਹਾਂ ਵੱਲੋਂ ਭੇਜੀ ਗਈ ਹੈਰੋਇਨ ਨੂੰ ਉਹ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦਾ ਹੈ। ਤੁਰੰਤ ਕਾਰਵਾਈ ਕਰਦਿਆਂ ਪੁਲੀਸ ਨੇ ਇਸ ਵਿਅਕਤੀ ਨੂੰ ਖਾਸਾ ਦੇ ਨੇੜਿਓਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਪੁਲੀਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇੱਕ ਵੱਖਰੇ ਮਾਮਲੇ ’ਚ ਥਾਣਾ ਕੱਥੂ ਨੰਗਲ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 115 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।