ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਨਵੰਬਰ
ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਲ ਹੁੰਦਿਆਂ ਸੈਂਕੜੇ ਆਂਗਣਵਾੜੀ ਵਰਕਰਾਂ ਵਲੋਂ ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਹੇਠ ਇਥੇ ਡੀਸੀ ਕੰਪਲੈਕਸ ਅੱਗੇ ਪ੍ਰਦਰਸ਼ਨ ਕੀਤਾ ਗਿਆ ਤੇ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫ਼ਤਾਰੀਆਂ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਵਲੋਂ ਰੋਸ ਰੈਲੀ ਕੀਤੀ ਗਈ ਜਿਸ ਨੂੰ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿੰਝੋਕੀ ਨੇ ਸੰਬੋਧਨ ਕੀਤਾ। ਰੈਲੀ ਮਗਰੋਂ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਗ੍ਰਿਫ਼ਤਾਰ ਕਰਨ ਦੀ ਪੇਸ਼ਕਸ਼ ਕੀਤੀ ਪਰ ਜਦੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਆਂਗਣਵਾੜੀ ਵਰਕਰਾਂ ਵਲੋਂ ਡੀਸੀ ਕੰਪਲੈਕਸ ਅੰਦਰ ਜਬਰੀ ਦਾਖਲ ਹੋਣ ਦਾ ਯਤਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿੰਝੋਕੀ ਸਮੇਤ ਕਈ ਵਰਕਰਾਂ ਡੀਸੀ ਕੰਪਲੈਕਸ ਗੇਟ ’ਤੇ ਚੜ੍ਹ ਗਈਆਂ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਆਂਗਣਵਾੜੀ ਵਰਕਰਾਂ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਵੱਡੀ ਤਾਦਾਦ ’ਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ ਜਿਸ ਦੀ ਅਗਵਾਈ ਡੀਐਸਪੀ ਸਤਪਾਲ ਸ਼ਰਮਾ ਅਤੇ ਸਿਟੀ ਇੰਚਾਰਜ ਗੁਰਵੀਰ ਸਿੰਘ ਨੇ ਕੀਤੀ। ਵਰਕਰਾਂ ਦੇ ਰੋਹ ਨੂੰ ਵੇਖਦਿਆਂ ਨਾਇਬ ਤਹਿਸੀਲਦਾਰ ਕ੍ਰਿਸ਼ਨ ਮਿੱਤਲ ਨੇ ਵਰਕਰਾਂ ਨੂੰ ਹਿਰਾਸਤ ਵਿਚ ਲੈਣ ਦਾ ਹੁਕਮ ਦਿੱਤਾ ਜਿਸ ਮਗਰੋਂ ਪੁਲੀਸ ਨੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ। ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਹੈ। ਨਵੀਂ ਸਿੱਖਿਆ ਨੀਤੀ 2020 ਵਿਚ ਆਈਸੀਡੀਐਸ ਸਕੀਮ ਨੂੰ ਅੱਖੋਂ ਪਰੋਖੇ ਕਰਕੇ 45 ਸਾਲਾਂ ਤੋਂ ਕੰਮ ਕਰ ਰਹੀਆਂ ਵਰਕਰਾਂ ਤੇ ਹੈਲਪਰਾਂ ਨੂੰ ਅਣਗੌਲਿਆ ਕਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਐਨਟੀਟੀ ਟੀਚਰ ਦਾ ਦਰਜਾ ਦਿੱਤਾ ਜਾਵੇ, ਬਚਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦੀ ਜ਼ਿੰਮੇਵਾਰੀ ਆਂਗਣਵਾੜੀ ਕੇਂਦਰਾਂ ਨੂੰ ਦਿੱਤੀ ਜਾਵੇ।
ਪੀਆਰਟੀਸੀ ਮੁਲਾਜ਼ਮਾਂ ਵੱਲੋਂ ਚੱਕਾ ਜਾਮ
ਪਟਿਆਲਾ (ਖੇਤਰੀ ਪ੍ਰਤੀਨਿਧ): ਮੁਲਾਜ਼ਮਾਂ ਅਤੇ ਮਜ਼ਦੂਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੰਗਠਨ ਵੱਲੋਂ ਦਿੱਤੇ ਗਏ ਹੜਤਾਲ਼ ਦੇ ਸੱਦੇ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਵਿਭਾਗਾਂ ਦੇ ਮੁਲਾਜ਼ਮਾਂ ਨੇ ਕੰਮ ਦਾ ਬਾਈਕਾਟ ਕਰਦਿਆਂ ਆਪੋ ਆਪਣੇ ਦਫ਼ਤਰਾਂ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਿਸ ਮਗਰੋਂ ਰੋਸ ਮਾਰਚ ਕਰਦਿਆਂ ਬੱਸ ਸਟੈਂਡ ਕੋਲ਼ ਸਾਂਝੀ ਰੈਲੀ ਕੱਢੀ ਗਈ। ਮੁੱਖ ਪ੍ਰਬੰਧਕ ਨਿਰਮਲ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਹੜਤਾਲ਼ ਸਫਲ ਰਹੀ। ਇਸ ਮੌਕੇ ਏਟਕ, ਇੰਟਕ, ਕਰਮਚਾਰੀ ਦਲ, ਐਸ.ਸੀ.ਬੀ.ਸੀ, ਸੀਟੂ ਅਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਨਾਲ਼ ਸਬੰਧਤ ਜਥੇਬੰਦੀਆਂ ਦੇ ਮੁਲਾਜ਼ਮ ਹੜਤਾਲ਼ ਦਾ ਹਿੱਸਾ ਬਣੇ।