ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਮੱਠੀ
ਪੰਜਾਬ ਵਿੱਚ ਐਤਕੀਂ ਝੋਨੇ ਦੀ ਸਰਕਾਰੀ ਖ਼ਰੀਦ 15 ਦਿਨ ਅਗੇਤੀ 16 ਸਤੰਬਰ ਤੋਂ ਸ਼ੁਰੂ ਕੀਤੀ ਗਈ ਹੈ ਪਰ ਖ਼ਰੀਦ ਦੇ ਸ਼ੁਰੂਆਤੀ ਦਿਨਾਂ ਵਿੱਚ ਫ਼ਸਲਾਂ ਦੀ ਆਮਦ ਵਿੱਚ ਕੋਈ ਤੇਜ਼ੀ ਦਿਖਾਈ ਨਹੀਂ ਦੇ ਰਹੀ ਹੈ। ਇਸ ਦਾ ਕਾਰਨ ਖ਼ਰਾਬ ਮੌਸਮ ਨੂੰ ਵੀ ਮੰਨਿਆ ਜਾ ਰਿਹਾ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਮੱਠੀ ਚਾਲ ਰਹੀ ਹੈ। ਝੋਨੇ ਦੀ ਸਰਕਾਰੀ ਖ਼ਰੀਦ ਦੇ ਪਹਿਲੇ ਚਾਰ ਦਿਨਾਂ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਵਿੱਚੋਂ ਸਿਰਫ਼ 10 ਜ਼ਿਲ੍ਹਿਆਂ ਵਿੱਚ ਹੀ ਫਸਲ ਦੀ ਆਮਦ ਹੋਣੀ ਸ਼ੁਰੂ ਹੋਈ ਹੈ ਜਦੋਂ ਕਿ 13 ਜ਼ਿਲ੍ਹਿਆਂ ਦੀਆਂ ਮੰਡੀਆਂ ਝੋਨੇ ਦੀ ਉਡੀਕ ਵਿੱਚ ਹਨ। ਦੂਜੇ ਪਾਸੇ ਪੰਜਾਬ ਦੀਆਂ ਮੰਡੀਆਂ ਵਿੱਚ ਬਾਸਮਤੀ ਦੀ ਖਰੀਦ ਜ਼ੋਰਾਂ ’ਤੇ ਚੱਲ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਹਿਲੇ ਚਾਰ ਦਿਨਾਂ ਦੌਰਾਨ 2721 ਟਨ ਦੇ ਕਰੀਬ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਜਿਸ ਵਿੱਚੋਂ 1082 ਟਨ ਝੋਨੇ ਦੀ ਖ਼ਰੀਦ ਹੋਈ ਹੈ। ਇਸ ਵਿੱਚ ਸਭ ਤੋਂ ਵੱਧ ਫ਼ਸਲ ਕਪੂਰਥਲਾ, ਅੰਮ੍ਰਿਤਸਰ ਤੇ ਜਲੰਧਰ ਵਿੱਚ ਆਈ ਹੈ। ਕਪੂਰਥਲਾ ਵਿੱਚ 842 ਟਨ, ਅੰਮ੍ਰਿਤਸਰ ਵਿੱਚ 696 ਟਨ ਅਤੇ ਜਲੰਧਰ ਵਿੱਚ 442 ਟਨ ਫ਼ਸਲ ਦੀ ਆਈ ਹੈ। ਹਾਲਾਂਕਿ ਪੰਜਾਬ ਦੀਆਂ ਮੰਡੀਆਂ ਵਿੱਚੋਂ ਲਿਫ਼ਟਿੰਗ ਹਾਲੇ ਸ਼ੁਰੂ ਨਹੀਂ ਹੋਈ ਹੈ।
ਸੂਬਾ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਖ਼ਰਾਬ ਮੌਸਮ ਦੇ ਚਲਦਿਆਂ ਇਸ ਵਾਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਦੇਰੀ ਹੋਈ ਹੈ, ਜਦੋਂ ਕਿ ਆਉਂਦੇ 2-3 ਦਿਨਾਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦੇ ਕੰਮ ਵਿੱਚ ਰਫ਼ਤਾਰ ਫੜੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਮਾਰ ਕਰਕੇ ਵੀ ਝੋਨੇ ਦੀ ਫ਼ਸਲ ਵਧੇਰੇ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਮੰਡੀਆਂ ਵਿੱਚ ਵੀ ਉਸ ਦਾ ਅਸਰ ਪਵੇਗਾ। ਵੇਰਵੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਐਤਕੀਂ 175 ਤੋਂ 180 ਲੱਖ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਤੈਅ ਕੀਤਾ ਗਿਆ ਹੈ। ਇਸ ਲਈ ਭਾਰਤੀ ਰਿਜ਼ਰਵ ਬੈਂਕ ਨੇ 45 ਹਜ਼ਾਰ ਕਰੋੜ ਰੁਪਏ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲੁਆਈ ਪਿਛਲੇ ਵਰ੍ਹੇ ਨਾਲੋਂ 10 ਦਿਨ ਪਹਿਲਾਂ ਪਹਿਲੀ ਜੂਨ ਤੋਂ ਸ਼ੁਰੂ ਕਰ ਦਿੱਤੀ ਸੀ, ਜਦੋਂ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ ਸ਼ੁਰੂ ਹੋ ਚੁੱਕਿਆ ਹੈ, ਜੋ 31 ਜੁਲਾਈ ਤੱਕ ਜਾਰੀ ਰਹੇਗਾ।