ਪੱਤਰ ਪ੍ਰੇਰਕ
ਮਾਨਸਾ, 24 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵੱਲੋਂ ਕਿਸਾਨਾਂ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਬਾਰੇ ਦਿੱਤੇ ਗਏ ਬਿਆਨ ਦੀ ਨਿਖੇਧੀ ਕਰਦਿਆਂ ਇਸ ਨੂੰ ਸੱਤਾ ਦਾ ਹੰਕਾਰ ਦੱਸਿਆ ਹੈ। ਉਹ ਅੱਜ ਇਥੇ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜੈ ਮਿਸ਼ਰਾ ਨੂੰ ਕੇਂਦਰੀ ਵਜ਼ਾਰਤ ’ਚੋਂ ਹਟਾ ਕੇ ਜੇਲ੍ਹ ਵਿੱਚ ਬੰਦ ਕਰਨਾ ਚਾਹੀਦਾ ਹੈ ਤੇ ਜਿੰਨਾ ਚਿਰ ਤੱਕ ਉਸ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ, ਸੰਯੁਕਤ ਕਿਸਾਨ ਮੋਰਚੇ ਦਾ ਸੰਘਰਸ਼ ਜਾਰੀ ਰਹੇਗਾ।ਇਸ ਮਗਰੋਂ ਜਥੇਬੰਦੀ ਦੀ ਮੈਂਬਰਸ਼ਿਪ ਮੁਤਾਬਕ ਪੰਜਾਬ ਤੋਂ ਪਟਨਾ ਇਜਲਾਸ ਲਈ 40 ਡੈਲੀਗੇਟ ਚੁਣੇ ਗਏ।