ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਜਨਵਰੀ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦੀ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਮੁਲਾਜ਼ਮਾਂ ਨੇ ਕਾਲੇ ਚੋਲੇ ਪਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਡੀਸੀ ਕੰਪਲੈਕਸ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ।
ਯੂਨੀਅਨ ਦੇ ਸੂਬਾਈ ਆਗੂ ਰਣਜੀਤ ਸਿੰਘ ਰਾਣਵਾਂ, ਮੇਲਾ ਸਿੰਘ ਪੁੰਨਾਂਵਾਲਾ, ਸੀਤਾ ਰਾਮ ਸ਼ਰਮਾ ਅਤੇ ਜਗਦੀਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰਜ਼ ’ਤੇ ਨਵ-ਉਦਾਰਵਾਦੀ ਆਰਥਿਕ ਨੀਤੀਆਂ ਅਤੇ ਆਰਥਿਕ ਸੁਧਾਰਾਂ ਦੇ ਬਹਾਨੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਦੀਆਂ ਨੀਤੀਆਂ ਅਤੇ ਮੌਂਟੇਕ ਸਿੰਘ ਆਹਲੂਵਾਲੀਆ ਦੀਆਂ ਮੁਲਾਜ਼ਮ-ਮਜ਼ਦੂਰ ਵਿਰੋਧੀ ਸਿਫਾਰਸ਼ਾਂ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚਾਰ ਸਾਲਾਂ ਵਿੱਚ ਮੁਲਾਜ਼ਮਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਉਲਟਾ ਹਜ਼ਾਰਾਂ ਰੈਗੂਲਰ ਅਸਾਮੀਆਂ ਖਤਮ ਕਰਕੇ ਆਊਟ ਸੋਰਸ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ। 30 ਦਸੰਬਰ ਨੂੰ ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਕੈਬਨਿਟ ਮੀਟਿੰਗ ਕਰਕੇ ਦਸ ਹੋਰ ਵਿਭਾਗਾਂ ਵਿੱਚੋਂ ਪੁਨਰਗਠਨ 2375 ਅਸਾਮੀਆਂ ਦਾ ਭੋਗ ਪਾ ਕੇ ਅਤੇ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਸਰਕਾਰੀ ਵਿਭਾਗਾਂ ਚ ਰੈਗੂਲਰ ਭਰਤੀ ਬੰਦ ਕਰਕੇ ਤੋਹਫਾ ਦਿੱਤਾ ਹੈ। ਆਗੂਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ 9 ਜਨਵਰੀ ਨੂੰ ਪੰਜਾਬ ਏਟਕ ਦੀ ਅਗਵਾਈ ਹੇਠ ਦਿੱਲੀ ਦੇ ਸਿੰਘੂ ਬਾਰਡਰ ’ਤੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੌਕਰੀ ਤੋਂ ਬਰਖਾਸਤ ਕੀਤੇ ਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਾਥੀ ਅਮ੍ਰਿਤਪਾਲ ਸਿੰਘ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ।