ਸ਼ਸ਼ੀਪਾਲ ਜੈਨ
ਖਰੜ, 11 ਦਸੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਵਿਰੁੱਧ ਉਲੀਕੇ ਗਏ ਪ੍ਰੋਗਰਾਮ ਤਹਿਤ ਬੀਤੇ ਦਿਨੀਂ ਮੁੱਖ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਸਰਕਾਰੀ ਵਿਭਾਗਾਂ ਦੀਆਂ ਠੇਕਾ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਕਾਮਿਆਂ ’ਤੇ ਫਾਜ਼ਿਲਕਾ, ਰੂਪਨਗਰ, ਆਨੰਦਪੁਰ ਸਾਹਿਬ, ਮਾਨਸਾ ਤੇ ਫਿਰੋਜ਼ਪੁਰ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਕੀਤੇ ਗਏ ਅਣਮਨੁੱਖੀ ਤਸ਼ੱਦਦ ਖ਼ਿਲਾਫ਼ ਅੱਜ ਖਰੜ ਵਿੱਚ ਉਕਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਅਧਿਕਾਰੀਆਂ ਦੇ ਤਾਨਾਸ਼ਾਹੀ ਰਵੱਈਏ ਦੀ ਨਿਖੇਧੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ ਤੇ ਜ਼ਿਲ੍ਹਾ ਆਗੂ ਮੇਜਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫੈ਼ਸਲੇ ਤਹਿਤ ਜ਼ਿਲ੍ਹਾ ਫਾਜ਼ਿਲਕਾ, ਮਾਨਸਾ, ਫਿਰੋਜ਼ਪੁਰ, ਆਨੰਦਪੁਰ ਸਾਹਿਬ ਤੇ ਰੂਪਨਗਰ ’ਚ ਪੁਰਅਮਨ ਤੇ ਸ਼ਾਂਤਮਈ ਸੰਘਰਸ਼ ਕਰਦੇ ਠੇਕਾ ਮੁਲਾਜ਼ਮਾਂ ’ਤੇ ਚੰਨੀ ਸਰਕਾਰ ਦੀ ਸ਼ਹਿ ’ਤੇ ਪੁਲੀਸ ਨੇ ਅੰਨ੍ਹੇਵਾਹ ਡਾਂਗਾਂ ਵਰ੍ਹਾਈਆਂ। ਪ੍ਰਦਰਸ਼ਨਕਾਰੀ ਨੌਜਵਾਨਾਂ ਦੀਆਂ ਦਸਤਾਰਾਂ ਲਾਹੀਆਂ ਗਈਆਂ, ਉਨ੍ਹਾਂ ਦੇ ਮੋਬਾਈਲ ਫੋਨ ਤੋੜੇ ਗਏ ਤੇ ਕੁੜੀਆਂ ਨਾਲ ਵੀ ਧੱਕਾ-ਮੁੱਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਅਣਮਨੁੱਖੀ ਵਰਤਾਰਾ ਤਾਨਾਸ਼ਾਹੀ ਚੰਨੀ ਸਰਕਾਰ ਦੀ ਕਾਮਿਆਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦੀ ਇਕ ਸੋਚੀ ਸਮਝੀ ਚਾਲ ਹੈ, ਜਿਸ ਨੂੰ ਪੁਲੀਸ ਅਧਿਕਾਰੀਆਂ ਵੱਲੋਂ ਲਾਗੂ ਕੀਤਾ ਗਿਆ ਹੈ। ਇਸ ਪ੍ਰਤੀ ਪੰਜਾਬ ਦੇ ਸਮੂਹ ਠੇਕਾ ਮੁਲਾਜ਼ਮਾਂ ਅਤੇ ਹੋਰ ਅਨੁਸ਼ਾਸਨ ਤੇ ਇਨਸਾਫ ਪਸੰਦ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਠੇਕਾ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਭਵਿੱਖ ਵਿੱਚ ਕਾਂਗਰਸ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਮੁੱਖ ਮੰਤਰੀ ਖ਼ੁਦ ਪੰਜਾਬ ਦੇ ਕਿਸੇ ਵੀ ਸ਼ਹਿਰ, ਕਸਬੇ ਤੇ ਪਿੰਡ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਹਰ ਥਾਂ ਸਵਾਲ ਕੀਤੇ ਜਾਣਗੇ।