ਬਲਵਿੰਦਰ ਰੈਤ
ਨੂਰਪੁਰ ਬੇਦੀ, 24 ਨਵੰਬਰ
ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਿਧਾਇਕੀ ਦੇ ਨਾਲ-ਨਾਲ ਆਪਣੇ ਪਿਤਾ ਪੁਰਖੀ ਕਿੱਤੇ ਖੇਤੀਬਾੜੀ ਨੂੰ ਵੀ ਸੁਚੱਜੇ ਢੰਗ ਨਾਲ ਸੰਭਾਲ ਰਹੇ ਹਨ। ਬਲਾਕ ਨੂਰਪੁਰ ਬੇਦੀ ਵਿੱਚ ਪੈਂਦੇ ਇੱਕ ਛੋਟੇ ਜਿਹੇ ਪਿੰਡ ਸੰਦੋਆ ਨਾਲ ਸਬੰਧਤ ਵਿਧਾਇਕ ਸੰਦੋਆ ਅੱਜ ਕੱਲ੍ਹ ਆਪਣੇ ਦੋਵਾਂ ਪੁੱਤਰਾਂ ਗੁਰਜੋਤ ਸਿੰਘ ਅਤੇ ਸੁਖਜੋਤ ਸਿੰਘ ਨਾਲ ਆਪਣੇ ਖੇਤਾਂ ਵਿੱਚ ਖਾਦ ਲਗਾਉਣ ਦੇ ਕੰਮ ਵਿੱਚ ਜੁਟੇ ਹੋਏ ਹਨ। ਉਹ ਆਪਣੇ ਪੁੱਤਰਾਂ ਅਤੇ ਪਤਨੀ ਬੀਬੀ ਬਲਵਿੰਦਰ ਕੌਰ ਨਾਲ ਮਿਲ ਕੇ ਆਪਣੀ ਫਸਲ ਦਾ ਪੂਰਾ ਖਿਆਲ ਰੱਖ ਰਹੇ ਹਨ।
ਵਿਧਾਇਕ ਸੰਦੋਆ ਨੇ ਦੱਸਿਆ ਕਿ ਉਨ੍ਹਾਂ ਨੂੰ ਰੋਜ਼ਾਨਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਤੋਂ ਬਾਅਦ ਜਦੋਂ ਵੀ ਸਮਾਂ ਮਿਲਦਾ ਹੈ ਤਾਂ ਉਹ ਆਪਣੇ ਪਰਿਵਾਰ ਨਾਲ ਖੇਤੀਬਾੜੀ ਦੇ ਕੰਮਾਂ ਵਿੱਚ ਰੁੱਝ ਜਾਂਦੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਪੁਰਖੀ ਕਿੱਤੇ ਖੇਤੀ ਨਾਲ ਜੁੜ ਕੇ ਸਕੂਨ ਮਿਲਦਾ ਹੈ। ਵਿਧਾਇਕ ਸੰਦੋਆ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਪਰ ਜਲਦ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣ ਲਈ ਮਜਬੂਰ ਹੋਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਦੇ ਮੱਦੇਨਜ਼ਰ 26 ਨਵੰਬਰ ਨੂੰ ਦਿੱਲੀ ਜਾਣਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਵੀ ਇਸ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਹੈ।