ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਜੂਨ
ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਕੋਵਿਡ ਸਪੈਸ਼ਲ ਭੱਤਾ 2500 ਰੁਪਏ ਕੱਟਣ ਅਤੇ ਪਿੰਡਾਂ ’ਚ ਚਿੱਟੇ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਹੁਕਮਾਂ ਦੇ ਵਿਰੋਧ ਵਿੱਚ ਇਥੇ ਮੁੱਖ ਮੰਤਰੀ ਦੀ ਕੋਠੀ ਨੇੜੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ’ਤੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਹੇਠ ਦਿੱਤੇ ਧਰਨੇ ਮੌਕੇ ਸਾਂਝਾ ਮੋਰਚਾ ਪੰਜਾਬ ਦੀਆਂ ਕਨਵੀਨਰ ਰਾਣੋ ਖੇੜੀ ਗਿੱਲਾਂ ਅਤੇ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਆਸ਼ਾ ਵਰਕਰਾਂ ਨੂੰ ਮਿਲ ਰਿਹਾ ਕੋਵਿਡ ਸਪੈਸ਼ਲ ਭੱਤਾ 2500 ਰੁਪਏ ਕੱਟ ਲਿਆ ਗਿਆ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਨੂੰ ਵਿਭਾਗ ਵੱਲੋਂ ਪਿੰਡਾਂ ਅੰਦਰ ਚਿੱਟੇ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਦੀਆਂ ਲਿਸਟਾਂ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ ਜੋ ਸੰਭਵ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਕੱਟਿਆ ਗਿਆ ਕੋਵਿਡ ਸਪੈਸ਼ਲ ਭੱਤਾ ਬਹਾਲ ਕੀਤਾ ਜਾਵੇ ਅਤੇ ਚਿੱਟੇ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਦੇ ਸਰਵੇਖਣ ਮੌਕੇ ਹਦਾਇਤਾਂ ਅਨੁਸਾਰ ਟਾਸਕ ਫੋਰਸ ਦੀ ਮਦਦ ਦਿੱਤੀ ਜਾਵੇ। ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ 20 ਜੂਨ ਦੀ ਡਾਇਰੈਕਟਰ ਸਿਹਤ ਵਿਭਾਗ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ।