ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 25 ਫਰਵਰੀ
ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਅਤੇ ਅਦਾਕਾਰ ਦੀਪ ਸਿੱਧੂ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਬਣੇ ਅਸਥਘਾਟ ਵਿੱਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਨਤਮਸਤਕ ਹੋ ਕੇ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਵਾਸਤੇ ਅਰਦਾਸ ਕਰਵਾਈ ਗਈ ਅਤੇ ਕੁਝ ਦੇਰ ਪਰਿਵਾਰ ਨੇ ਕੀਰਤਨ ਸਰਵਣ ਕੀਤਾ। ਇਸ ਮੌਕੇ ਦੀਪ ਸਿੱਧੂ ਦੀ ਮਾਤਾ ਗੁਰਵਿੰਦਰ ਕੌਰ, ਚਾਚਾ ਬਿਧੀ ਸਿੰਘ, ਪਤਨੀ ਨਮਰਤਾ ਕੌਰ ਸਿੱਧੂ, ਬੇਟੀ ਅਤੇ ਭਰਾ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਰਿਸ਼ਤੇਦਾਰ ਹਾਜ਼ਰ ਸਨ।