ਬੀਐੱਸ ਚਾਨਾ
ਕੀਰਤਪੁਰ ਸਾਹਿਬ, 1 ਜੂਨ
ਗਾਇਕ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨੇੜੇ ਸਤਲੁਜ ਦਰਿਆ ’ਤੇ ਬਣੇ ਅਸਥਘਾਟ ’ਤੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਮਾਤਾ ਚਰਨ ਕੌਰ ਸਿੱਧੂ, ਤਾਇਆ ਚਮਕੌਰ ਸਿੰਘ, ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਕੁਲਬੀਰ ਜ਼ੀਰਾ, ਸਾਬਕਾ ਵਿਧਾਇਕ ਦਰਸ਼ਨ ਬਰਾੜ, ਕੈਪਟਨ ਸੰਦੀਪ ਸੰਧੂ, ਨਾਮੀ ਗੀਤਕਾਰ ਗਿੱਲ ਰੌਂਤਾ, ਹਰਫ਼ ਚੀਮਾ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ। ਗੁਰੂ ਚਰਨਾਂ ਵਿੱਚ ਅਰਦਾਸ ਕਰਨ ਮਗਰੋਂ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ।
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਉਸ ਗੰਢ ਨੂੰ ਚੁੰਮਿਆ ਤੇ ਆਪਣੇ ਪੁੱਤ ਨੂੰ ਪਿਆਰ ਦਿੱਤਾ। ਇਸ ਮਗਰੋਂ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਉਨ੍ਹਾਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਜੁੜੀ ਸੰਗਤ ਦਾ ਹੱਥ ਜੋੜ ਕੇ ਧੰਨਵਾਦ ਕੀਤਾ। ਇਸ ਮਗਰੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿੱਚ ਸਿੱਧੂ ਮੁਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਜਦੋਂ ਸਾਰੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬੇਹੋਸ਼ ਹੋ ਕੇ ਡਿੱਗ ਪਈ। ਡਾਕਟਰਾਂ ਨੇ ਉਨ੍ਹਾਂ ਨੂੰ ਮੁਢਲੀ ਸਹਾਇਤਾ ਦਿੱਤੀ, ਜਿਸ ਮਗਰੋਂ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਆਇਆ। ਮੀਡੀਆ ਨਾਲ ਗੱਲ ਕਰਦਿਆਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ, ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਲਈ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਵਿੱਚ ਰੁੱਝੀ ਹੋਈ ਹੈ, ਜਦਕਿ ਸੂਬੇ ਦੇ ਹਾਲਾਤ ਦਿਨੋ ਦਿਨ ਵਿਗੜਦੇ ਜਾ ਰਹੇ ਹਨ।
ਮੂਸੇਵਾਲਾ ਦੀ ਮਾਂ ਵੱਲੋਂ ਗੈਂਗਸਟਰਾਂ ਨੂੰ ਸਮਝੌਤਾ ਕਰਨ ਦੀ ਅਪੀਲ
ਮਾਨਸਾ (ਪੱਤਰ ਪ੍ਰੇਰਕ): ਸਿੱਧੂ ਮੂਸੇਵਾਲਾ ਦੇ ਫੁੱਲ ਚੁਗਣ ਮੌਕੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਧਾਹਾਂ ਮਾਰਦਿਆਂ ਕਿਹਾ, ‘ਸਾਡੇ 6 ਫੁੱਟ ਦੇ ਗੱਭਰੂ ਪੁੱਤ ਨੂੰ ਰਾਖ ਬਣਾ ਕੇ ਰੱਖ ਦਿੱਤਾ, ਤੁਸੀਂ ਵੀ ਜਹਾਨੋਂ ਪੁੱਟੇ ਜਾਓ।’ ਉਨ੍ਹਾਂ ਦੋਸ਼ ਲਾਇਆ ਕਿ ਸਿੱਧੂ ਦੀ ਮੌਤ ਸਰਕਾਰ ਦੀ ਢਿੱਲ ਕਾਰਨ ਹੋਈ ਹੈ। ਚਰਨ ਕੌਰ ਨੇ ਕਿਹਾ, ‘ਮੈਂ ਸਾਰੇ ਗੈਂਗਸਟਰਾਂ ਨੂੰ ਆਖਦੀ ਹਾਂ ਕਿ ਉਹ ਬੈਠ ਕੇ ਸਮਝੌਤਾ ਕਰ ਲੈਣ, ਨਹੀਂ ਤਾਂ ਸਾਰੇ ਮਾਰੇ ਜਾਣਗੇ।’ ਉਨ੍ਹਾਂ ਕਿਹਾ, ‘ਮੇਰੇ ਪੁੱਤ ਨੂੰ ਮਾਰ ਕੇ ਕਿਸੇ ਨੇ ਕੋਈ ਦਲੇਰਪੁਣਾ ਨਹੀਂ ਵਿਖਾਇਆ, ਜੇ ਦਲੇਰ ਹੁੰਦੇ ਤਾਂ ਲੁਕ ਕੇ ਹਮਲਾ ਨਹੀਂ ਸੀ ਕਰਨਾ, ਦੱਸ ਕੇ ਆਉਣਾ ਸੀ।’ ਉਨ੍ਹਾਂ ਕਿਹਾ ਕਿ ਸ਼ੁਭਦੀਪ ਦਾ ਕਤਲ ਕਰਨ ਵਾਲਿਆਂ ਨੂੰ ਆਪਣੀ ਇਸ ਕਰਨੀ ’ਤੇ ਸ਼ਰਮ ਆਉਣੀ ਚਾਹੀਦੀ ਹੈ। ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ, ‘ਹੁਣ ਪੰਜਾਬ ਵਿੱਚ ਕੋਈ ਆਪਣੇ ਪੁੱਤ ਨੂੰ ਮਸ਼ਹੂਰ ਨਾ ਬਣਾਇਓ, ਸਾਡੇ ਪੁੱਤ ਦੀ ਮਸ਼ਹੂਰੀ ਨੇ ਉਸ ਨੂੰ ਖਾ ਲਿਆ।’ ਉਧਰ ਫੁੱਲ ਚੁਗਣ ਦੀ ਰਸਮ ਮਗਰੋਂ ਪਰਿਵਾਰ ਵੱਲੋਂ ਘਰ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਏ ਗਏ। ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਰਿਵਾਰ ਵੱਲੋਂ 8 ਜੂਨ ਨੂੰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨਮਿਤ ਅੰਤਿਮ ਅਰਦਾਸ ਅਤੇ ਭੋਗ ਪਾਉਣ ਦਾ ਫੈ਼ਸਲਾ ਕੀਤਾ ਗਿਆ ਹੈ।
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨਾਜ਼ੁਕ: ਡਾ. ਗਾਂਧੀ
ਪਟਿਆਲਾ (ਪੱਤਰ ਪ੍ਰੇਰਕ): ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਨਾਜ਼ੁਕ ਹੋ ਗਈ ਹੈ। ਉਨ੍ਹਾਂ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਜਦੋਂ ਬੱਸਾਂ ਦੇ ਕੰਡਕਟਰਾਂ ਨੂੰ ਹੀ ਲੁੱਟਿਆ ਜਾਣ ਲੱਗ ਪਿਆ ਹੈ ਤਾਂ ਸਮਝ ਲੈਣਾ ਚਾਹੀਦਾ ਹੈ ਕਿ ਸੂਬੇ ਦੇ ਹਾਲਾਤ ਖ਼ਤਰਨਾਕ ਹੱਦ ਤੱਕ ਖਰਾਬ ਹੋ ਗਏ ਹਨ। ਡਾ. ਗਾਂਧੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਦੇ ਬਾਹਰ ਹੋਈ ਫਾਇਰਿੰਗ ਵਿੱਚ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਨੌਜਵਾਨ ਜੋਬਨਜੀਤ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਹੈ। ਪੰਜਾਬ ਵਿੱਚ ਰੂਸ ਦਾ ਬਣਿਆ ਖ਼ਤਰਨਾਕ ਹਥਿਆਰ ਏਐੱਨ 94 ਪਹੁੰਚਿਆ ਤੇ ਘਟਨਾ ਨੂੰ ਅੰਜਾਮ ਦਿੱਤਾ ਗਿਆ, ਇਹ ਸੂਬੇ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ।