ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੁੱਚਾ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦਾ ਮੰਗਲਵਾਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਸਤਲੁਜ ਦਰਿਆ ਕੰਢੇ ਕੀਤਾ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ ਸੀ। ਅੱਜ ਉਨ੍ਹਾਂ ਦੇ ਅੰਗੀਠੇ ਦੀ ਸੰਭਾਲ ਨਵੇਂ ਮੁੱਖ ਸੇਵਾਦਾਰ ਸੰਤ ਸਤਨਾਮ ਸਿੰਘ ਦੀ ਅਗਵਾਈ ਵਿੱਚ ਬਾਬਾ ਜੀ ਦੇ ਪੁੱਤਰਾਂ, ਕਾਰ ਸੇਵਾ ਸੰਪਰਦਾ, ਧਾਰਮਿਕ ਰੂਹਾਨੀ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਹੋਈ।
ਇਸ ਤੋਂ ਬਾਅਦ ਅੰਗੀਠੇ ਨੂੰ ਧਾਰਮਿਕ ਮਰਿਆਦਾ ਅਨੁਸਾਰ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਸਥਘਾਟ ਤੋਂ ਸਤਲੁਜ ਦਰਿਆ ਵਿੱਚ ਜਲ ਪ੍ਰਵਾਹ ਕਰ ਦਿੱਤਾ ਗਿਆ।
ਜਲ ਪ੍ਰਵਾਹ ਤੋਂ ਉਪਰੰਤ ਕਾਰ ਸੇਵਾ ਦੀ ਸਮੁੱਚੀ ਸੰਪਰਦਾ ਨੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਸੰਤ ਸਤਨਾਮ ਸਿੰਘ ਨੇ ਦੱਸਿਆ ਕਿ ਸੰਤ ਸੁੱਚਾ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ 10 ਦਸੰਬਰ ਨੂੰ ਕਿਲਾ ਅਨੰਦਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਵੇਗੀ।
ਇਸ ਮੌਕੇ ਡਾ. ਦਲਜੀਤ ਸਿੰਘ ਭਿੰਡਰ, ਅਮਰਜੀਤ ਸਿੰਘ ਚਾਵਲਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਜਥੇਦਾਰ ਬਾਬਾ ਲੱਖਾ ਸਿੰਘ, ਜਥੇਦਾਰ ਬਾਬਾ ਹਰਜਿੰਦਰ ਸਿੰਘ ਹੀਰਾ, ਐਡਵੋਕੇਟ ਹਰਦੇਵ ਸਿੰਘ ਹੈਪੀ, ਨੰਬਰਦਾਰ ਸੰਦੀਪ ਸਿੰਘ ਕਲੋਤਾ ਸਮੇਤ ਕਈ ਪ੍ਰਸਿੱਧ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

