ਜਗਜੀਤ ਕੁਮਾਰ
ਖਮਾਣੋਂ, 7 ਅਕਤੂਬਰ
ਸੇਵਾਮੁਕਤ ਐੱਸਐੱਮਓ ਖਮਾਣੋ ਡਾ. ਨਰੇਸ਼ ਚੌਹਾਨ ਅੱਜ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਮੌਜੂਦਾ ‘ਆਪ’ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੀ ਸਰਕਾਰ ਬਣਾ ਕੇ ਹੁਣ ਪਛਤਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਭਾਜਪਾ ਦੀ ਅਗਵਾਈ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਪਿਛਲੇ ਸਮੇਂ ’ਚ ਸਿਆਸੀ ਗੱਠਜੋੜ ਕਰਕੇ ਭਾਜਪਾ ਨੂੰ ਸਭ ਤੋਂ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਖਤਮ ਕਰਨ ਦੀਆਂ ਗੱਲਾਂ ਕਰ ਰਹੀ ਹੈ, ਜਦੋਂਕਿ ਪੰਜਾਬ ’ਚ ਭ੍ਰਿਸ਼ਟਾਚਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋ ਰਹੇ। ਇਸ ਮੌਕੇ ਜ਼ਿਲ੍ਹਾ ਸੈਕਟਰੀ ਬਿਰਜ ਲਾਲ ਸ਼ਰਮਾ, ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਦੀਦਾਰ ਸਿੰਘ ਭੱਟੀ ਆਦਿ ਹਾਜ਼ਰ ਸਨ।