ਮਨਪ੍ਰੀਤ ਸਿੰਘ
ਮਾਨਸਰ, 29 ਅਗਸਤ
ਮਾਨਸਰ ਟੌਲ ਪਲਾਜ਼ਾ ’ਤੇ ਅੱਜ ਸ਼ਾਮ ਕਰੀਬ 7 ਵਜੇ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਕਿਸਾਨਾਂ ਨੇ ਮੋਦੀ ਅਤੇ ਖੱਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਆਗੂਆਂ ਨੇ ਹਰਿਆਣਾ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਨੂੰ 9 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਹੱਕ ਮੰਗਦੇ ਕਿਸਾਨਾਂ ’ਤੇ ਭਾਜਪਾ ਦੀ ਸ਼ਹਿ ’ਤੇ ਲਾਠੀਚਾਰਜ ਹੋ ਰਿਹਾ ਹੈ ਅਤੇ ਕਿਸਾਨ ਜ਼ਖ਼ਮੀ ਹੋ ਰਹੇ ਹਨ ਪਰ ਭਾਜਪਾ ਆਗੂਆਂ ਨੂੰ ਵੋਟ ਬੈਂਕ ਪੱਕੇ ਕਰਨ ਦੀ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨ ਸੰਘਰਸ਼ ਦੇ ਨਾਲ ਨਾਲ ਕਿਸਾਨ ਭਾਜਪਾ ਆਗੂਆਂ ਦਾ ਵਿਰੋਧ ਕਰਦੇ ਰਹਿਣਗੇ।
ਦੱਸਣਯੋਗ ਹੈ ਕਿ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਮਾਨਸਰ ਟੌਲ ਪਲਾਜ਼ਾ ’ਤੇ ਦਸਵੀਂ ਵਾਰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ।