ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਹਤ ਪ੍ਰਬੰਧਾਂ ਬਾਰੇ ਅਸ਼ਵਨੀ ਤੇ ਕਟਾਰੂਚੱਕ ਆਹਮੋ-ਸਾਹਮਣੇ

ਪ੍ਰਭਾਵਿਤ ਇਲਾਕਿਆਂ ਦੇ ਦੌਰੇ ਮੌਕੇ ਇਕ-ਦੂਜੇ ’ਤੇ ਸੇਧੇ ਨਿਸ਼ਾਨੇ
Advertisement
ਪੰਜਾਬ ਵਿੱਚ ਹੜ੍ਹਾਂ ਕਾਰਨ ਕੀਤੇ ਜਾ ਰਹੇ ਰਾਹਤ ਪ੍ਰਬੰਧਾਂ ’ਤੇ ਸਿਆਸਤ ਭਖ ਗਈ ਹੈ। ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਆਹਮੋ-ਸਾਹਮਣੇ ਹੋ ਗਏ, ਇਸ ਦੌਰਾਨ ਉਨ੍ਹਾਂ ਇਕ ਦੂਜੇ ’ਤੇ ਨਿਸ਼ਾਨੇ ਵੀ ਸੇਧੇ। ਅੱਜ ਜਦੋਂ ਅਸ਼ਵਨੀ ਸ਼ਰਮਾ ਵਿਧਾਨ ਸਭਾ ਹਲਕਾ ਭੋਆ ਦੇ ਪ੍ਰਭਾਵਿਤ ਪਿੰਡ ਪੰਮਾ ਵਿੱਚ ਗਏ ਤਾਂ ਉੱਥੇ ਉਨ੍ਹਾਂ ਆਮ ਆਦਮੀ ਪਾਰਟੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ 2023 ਦੇ ਹੜ੍ਹਾਂ ਦੌਰਾਨ ‘ਆਪ’ ਨੇ ਐਲਾਨ ਕੀਤਾ ਸੀ ਕਿ ਮੁਰਗੀਆਂ ਅਤੇ ਬੱਕਰੀਆਂ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਪਰ ਇਹ ਮੁਆਵਜ਼ਾ ਹਾਲੇ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਮੁਆਵਜ਼ੇ ਅਤੇ ਫ਼ੰਡਾਂ ਦੇ ਪੈਸੇ ਕੇਜਰੀਵਾਲ ਨੂੰ ਖੁਸ਼ ਕਰਨ ਲਈ ਹਵਾਈ ਜਹਾਜ਼ਾਂ ਜਾਂ ਇਸ਼ਤਿਹਾਰਾਂ ਉੱਪਰ ਤਾਂ ਨਹੀਂ ਖਰਚ ਕਰ ਦਿੱਤੇ।

ਜਵਾਬ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਅਸ਼ਵਨੀ ਸ਼ਰਮਾ ਨੂੰ ਘੇਰੇ ’ਚ ਲੈ ਲਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਸਵਾਲ ਖੜ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬੀ ਮਾਂ ਬੋਲੀ ਦਾ ਅਪਮਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਕਿਹਾ ਸੀ,‘ਤੁਸੀਂ ਹਿੰਦੀ ਸਿੱਖੋ।’ ਇਸ ਤੋਂ ਸਪੱਸ਼ਟ ਹੈ ਕਿ ਭਾਜਪਾ ਮਾਂ ਬੋਲੀ ਪੰਜਾਬੀ ਵੀ ਪਸੰਦ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਆਏ ਹੜ੍ਹਾਂ ਕਾਰਨ ਨੁਕਸਾਨ 20 ਹਜ਼ਾਰ ਕਰੋੜ ਰੁਪਏ ਦਾ ਹੋਇਆ ਹੈ, ਇਸ ਦੀ ਭਰਪਾਈ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਸਾਰੇ ਮੰਤਰੀਆਂ ਨੇ ਪ੍ਰਧਾਨ ਮੰਤਰੀ ਨੂੰ ਰਾਹਤ ਪੈਕੇਜ ਦੇਣ ਦੀ ਅਪੀਲ ਵੀ ਕੀਤੀ। ਇਸ ਦੇ ਬਦਲੇ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇ ਕੇ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ। ਕੈਬਨਿਟ ਮੰਤਰੀ ਕਟਾਰੂਚੱਕ ਨੇ ਅਸ਼ਵਨੀ ਸ਼ਰਮਾ ਨੂੰ ਕਿਹਾ ਕਿ ਹੜ੍ਹ ਪੀੜਤਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰੋ, ਰਾਜਨੀਤੀ ਨਾ ਕਰੋ।

Advertisement

 

 

Advertisement
Show comments