ਪੱਤਰ ਪ੍ਰੇਰਕ
ਬਠਿੰਡਾ, 13 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਥਾਣਾ ਸਿਟੀ ਮਲੋਟ ਵਿੱਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇਸ ਰਾਜ ਵਾਸੀ ਰਵਿਦਾਸ ਨਗਰ, ਸ੍ਰੀ ਮੁਕਤਸਰ ਸਾਹਿਬ ਨੇ ਬਿਊਰੋ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸੁਖਦੇਵ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ’ਤੇ ਇਹ ਕੇਸ 13 ਅਕਤੂਬਰ ਨੂੰ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਥਾਣਾ ਸਿਟੀ ਮਲੋਟ ਵਿੱਚ ਦਰਜ ਇੱਕ ਕੇਸ ਦੀ ਤਫਤੀਸ਼ ਮੁਲਜ਼ਮ ਏਐੱਸਆਈ ਵੱਲੋਂ ਕੀਤੀ ਜਾ ਰਹੀ ਸੀ ਤੇ ਹੁਣ ਉਸ ਨੇ ਇਸ ਕੇਸ ਦਾ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਮੁਦੱਈ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਦੋਸ਼ ਸਹੀ ਪਾਏ ਜਾਣ ਮਗਰੋਂ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ।