ਏਐੱਸਆਈ ਵੱਲੋਂ ਮਾਂ-ਪੁੱਤ ਦੀ ਕੁੱਟਮਾਰ ਦਾ ਮਾਮਲਾ ਭਖਿਆ
ਜੋਗਿੰਦਰ ਸਿੰਘ ਮਾਨ
ਮਾਨਸਾ, 24 ਜੂਨ
ਮਾਨਸਾ ਜ਼ਿਲ੍ਹੇ ਦੇ ਪਿੰਡ ਜੱਸੜਵਾਲ ਦੇ ਮਾਂ-ਪੁੱਤ ਦੀ ਪੁਲੀਸ ਵੱਲੋਂ ਕਥਿਤ ਕੁੱਟਮਾਰ ਦਾ ਮਾਮਲਾ ਭਖ ਗਿਆ ਹੈ ਤੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਲਈ 28 ਜੂਨ ਨੂੰ ਵਿਸ਼ੇਸ਼ ਮੀਟਿੰਗ ਸੱਦ ਲਈ ਹੈ। ਦੂਜੇ ਪਾਸੇ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪਿੰਡ ਜੱਸੜਵਾਲ ਦੇ ਗੁਰਪ੍ਰੀਤ ਸਿੰਘ ਅਤੇ ਉਸ ਦੀ ਮਾਂ ਗੁਰਮੀਤ ਕੌਰ ਵੱਲੋਂ ਆਪਣੇ ਖੇਤ ਲਈ ਲਾਂਘਾ ਮੰਗਿਆ ਜਾ ਰਿਹਾ ਸੀ, ਜਿਸ ਸਬੰਧੀ ਉਨ੍ਹਾਂ ਭੀਖੀ ਪੁਲੀਸ ਨੂੰ ਵੀ ਸੂਚਨਾ ਦਿੱਤੀ ਪਰ ਜਦੋਂ ਮਾਂ-ਪੁੱਤ ਆਪਣੇ ਖੇਤ ਵਿਚ ਗੇੜਾ ਮਾਰਨ ਗਏ ਤਾਂ ਉਥੇ ਦੂਜੀ ਧਿਰ ਨੇ ਕੁੱਝ ਵਿਅਕਤੀ ਬੁਲਾ ਲਏ ਤੇ ਉਨ੍ਹਾਂ ਮਾਂ-ਪੁੱਤ ਦੀ ਕੁੱਟਮਾਰ ਕੀਤੀ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਦੌਰਾਨ ਭੀਖੀ ਪੁਲੀਸ ਦਾ ਇਕ ਏਐੱਸਆਈ ਵੀ ਝਗੜੇ ਵਿੱਚ ਪਹੁੰਚਿਆ ਅਤੇ ਉਸ ਨੇ ਮਾਂ-ਪੁੱਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲੀਸ ਨੇ ਵੀ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ। ਇਸ ਮਗਰੋਂ ਜ਼ਖ਼ਮੀ ਮਾਂ-ਪੁੱਤ ਨੂੰ ਸਿਵਲ ਹਸਪਤਾਲ ਮਾਨਸਾ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲੀਸ ਵੱਲੋਂ ਹਾਲੇ ਤੱਕ ਉਨ੍ਹਾਂ ਦੇ ਬਿਆਨ ਦਰਜ ਨਹੀਂ ਕੀਤੇ ਗਏ। ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਿਸੇ ਨੇ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾ ਦਿੱਤੀ ਜਿਸ ਵਿੱਚ ਏਐੱਸਆਈ ਉਨ੍ਹਾਂ ਦੀ ਕੁੱਟਮਾਰ ਕਰ ਰਿਹਾ ਹੈ। ਜਥੇਬੰਦੀ ਦੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਉਲਕ ਨੇ ਦੱਸਿਆ ਕਿ ਘਟਨਾ ਦੀ ਸਾਰੀ ਵੀਡੀਓ ਥਾਣਾ ਭੀਖੀ ਮੁਖੀ ਨੂੰ ਭੇਜ ਦਿੱਤੀ ਹੈ ਅਤੇ ਇਸ ਸਬੰਧੀ 28 ਜੂਨ ਨੂੰ ਸੰਘਰਸ਼ ਸਬੰਧੀ ਇੱਕ ਵਿਸ਼ੇਸ ਮੀਟਿੰਗ ਬੁਲਾਈ ਗਈ ਹੈ।
ਥਾਣਾ ਭੀਖੀ ਦੇ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਖੇਤ ਦੇ ਰਾਹ ਨੂੰ ਲੈ ਕੇ ਦੋ ਧਿਰਾਂ ਵਿਚ ਆਪਸੀ ਝਗੜਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਹੈ, ਉਸ ਦੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਮਾਮਲੇ ਦੀ ਜਾਂਚ ਸ਼ੁਰੂ: ਡੀਐੱਸਪੀ
ਮਾਨਸਾ ਦੇ ਡੀਐੱਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੇਕਰ ਏਐੱਸਆਈ ਕਸੂਰਵਾਰ ਨਿਕਲਿਆ ਤਾਂ ਉਸ ਖਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।