ਪੱਤਰ ਪ੍ਰੇਰਕ
ਅੰਮ੍ਰਿਤਸਰ, 6 ਜਨਵਰੀ
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਖ਼ 20 ਜਨਵਰੀ ਤੱਕ ਵਧਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਅਪਰੈਲ ਵਿੱਚ ਜਥਾ ਭੇਜਿਆ ਜਾਂਦਾ ਹੈ। ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਮੁੱਖ ਦਫਤਰ ਵਿੱਚ ਯਾਤਰਾ ਵਿਭਾਗ ਨੂੰ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 31 ਦਸੰਬਰ ਤੱਕ ਪਾਸਪੋਰਟ ਮੰਗੇ ਗਏ ਸਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।