ਪੱਤਰ ਪ੍ਰੇਰਕ
ਚੰਡੀਗੜ੍ਹ, 1 ਜੂਨ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸੇਵਾਮੁਕਤੀ ਲਾਭ, ਮੈਡੀਕਲ ਅਤੇ ਹੋਰ ਅਦਾਇਗੀਆਂ ਸਮੇਤ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਤਨਖਾਹਾਂ ਦੀ ਅਦਾਇਗੀ ਕਰਨ ’ਤੇ ਲਗਾਈਆਂ ਪਾਬੰਦੀਆਂ ਦਾ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਨੇ ਤਿੱਖਾ ਵਿਰੋਧ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਚੇਅਰਮੈਨ ਮੇਘ ਸਿੰਘ ਸਿੱਧੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਸਮੇਂ ਵੀ ਮੁਲਾਜ਼ਮਾਂ ਨੂੰ ਸ਼੍ਰੇਣੀ ਦੇ ਆਧਾਰ ’ਤੇ ਤਨਖਾਹ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਸੀ, ਜਿਵੇਂ ਪਹਿਲਾਂ ਦਰਜਾ-4 ਨੂੰ ਫਿਰ ਦਰਜਾ-3 ਅਤੇ ਫਿਰ ਪਹਿਲਾ ਦਰਜਾ ਮੁਲਾਜ਼ਮਾਂ ਨੂੰ ਤਨਖਾਹ ਜਾਰੀ ਹੁੰਦੀ ਸੀ। ਹੁਣ ‘ਆਪ’ ਸਰਕਾਰ ਵੀ ਉਸੇ ਰਾਹ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਵਿਤਕਰੇਬਾਜ਼ੀ ਕਰਕੇ ਹਰ ਛੋਟੇ ਵੱਡੇ ਮੁਲਾਜ਼ਮ ਨੂੰ ਆਪਣੇ ਪਰਿਵਾਰਕ ਕੰਮਾਂ ਲਈ ਲਏ ਕਰਜ਼ਿਆਂ ’ਤੇ ਵਿਆਜ ਦੇਣਾ ਪੈਂਦਾ ਹੈ। ਇਸ ਤੋਂ ਇਲਾਵਾ ਮੁਲਾਜ਼ਮ ਵਰਗ ਦੀਆਂ ਬਹੁਤ ਸਾਰੀਆਂ ਮੰਗਾਂ ਬਕਾਇਆ ਪਈਆਂ ਹਨ, ਜਿਨ੍ਹਾਂ ’ਤੇ ਚਰਚਾ ਸਬੰਧੀ ਸਰਕਾਰ ਜਥੇਬੰਦੀ ਨੂੰ ਮੀਟਿੰਗ ਲਈ ਸਮਾਂ ਨਹੀਂ ਦੇ ਰਹੀ। ਜਥੇਬੰਦੀ ਦੇ ਸੂਬਾਈ ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਗੱਲਬਾਤ ਦਾ ਸੱਦਾ ਨਾ ਦਿੱਤਾ ਤਾਂ ਸਮੁੱਚਾ ਮੁਲਾਜ਼ਮ ਵਰਗ ਬਠਿੰਡੇ ਵਿੱਚ ਮਨਪ੍ਰੀਤ ਬਾਦਲ ਨੂੰ ਹਰਾਉਣ ਦੀ ਤਰਜ਼ ’ਤੇ ਹੁਣ ਸੰਗਰੂਰ ਦੀ ਹੋ ਰਹੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਕਰਾਰੀ ਹਾਰ ਦਿਵਾਉਣ ਵਿੱਚ ਪੂਰਾ ਯੋਗਦਾਨ ਪਾਵੇਗਾ।