ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਸਪੋਰਟ ਮੰਗੇ ਗਏ ਹਨ। ਇਹ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਨਵੰਬਰ ਵਿੱਚ ਪਾਕਿ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਕੋਲੋਂ ਪਾਸਪੋਰਟ 30 ਜੁਲਾਈ ਤੱਕ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਯਾਤਰਾ ਵਿਭਾਗ ਕੋਲ ਭੇਜਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਹਰਿਆਣਾ ਨਾਲ ਸਬੰਧਤ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਹਰਿਆਣਾ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ।