ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ’ਤੇ ਲਾਈ ਪਾਬੰਦੀ ਤੋਂ ਬਾਅਦ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ ਅੱਜ ਇੱਥੇ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਤੋਂ ਚੋਣ ਲੜਗੇ। ਬਹੁਜਨ ਸਮਾਜ ਪਾਰਟੀ ਨਾਲ ਹੋਏ ਚੋਣ ਸਮਝੌਤੇ ਤਹਿਤ ਪਾਰਟੀ ਵੱਲੋਂ 97 ਵਿਧਾਨ ਸਭਾ ਹਲਕਿਆਂ ’ਤੇ ਉਮੀਦਵਾਰ ਖੜ੍ਹੇ ਕੀਤੇ ਜਾਣੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਨਾਰਾਜ਼ ਚੱਲੇ ਆ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪੱਟੀ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਸੁਖਬੀਰ ਬਾਦਲ ਖੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ, ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਜ਼ੀਰਾ, ਡਾ. ਦਲਜੀਤ ਸਿੰਘ ਚੀਮਾ ਰੋਪੜ, ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ (ਪੱਛਮੀ) ਅਤੇ ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ ਤੋਂ ਚੋਣ ਲੜਨਗੇ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।