ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 6 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਨਵੇਂ ਅਪਰਾਧਿਕ ਮਾਮਲੇ ਵਿੱਚ ਅੱਜ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਬਹਿਸ ਹੋਈ। ਸੈਣੀ ਨੇ ਆਪਣੇ ਵਕੀਲਾਂ ਐਡਵੋਕੇਟ ਏਪੀਐੱਸ ਦਿਓਲ ਅਤੇ ਐੱਚਐੱਸ ਧਨੋਆ ਰਾਹੀਂ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਪੇਸ਼ਗੀ ਜ਼ਮਾਨਤ ਦੇਣ ਦੀ ਮੰਗ ਕੀਤੀ। ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਨਾਲ ਸੁਮੇਧ ਸੈਣੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਿਜੀਲੈਂਸ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾ ਰਹੀ ਹੈ। ਉਧਰ, ਸੀਨੀਅਰ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਉਸਾਰੂ ਬਹਿਸ ਕਰਦਿਆਂ ਵਿਜੀਲੈਂਸ ਵੱਲੋਂ ਦਰਜ ਕੀਤੀ ਐਫ਼ਆਈਆਰ ਦੇ ਹਵਾਲੇ ਨਾਲ ਅਦਾਲਤ ਵਿੱਚ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀਆਂ ਚੱਲ ਅਤੇ ਅਚੱਲ ਸੰਪਤੀਆਂ ਅਤੇ ਪੈਸਿਆਂ ਦੇ ਲੈਣ-ਦੇਣ ਬਾਰੇ ਵਿਸਥਾਰ ਨਾਲ ਠੋਸ ਤੱਥ ਪੇਸ਼ ਕੀਤੇ। ਉਨ੍ਹਾਂ ਨੇ ਚੰਡੀਗੜ੍ਹ ਵਾਲੀ ਕੋਠੀ ਦੀ ਰੈਂਟ ਡੀਡ ਅਤੇ ਬਿਨਾਂ ਰਸੀਦਾਂ ਤੋਂ ਪੈਸਿਆਂ ਕਰੋੜਾਂ ਰੁਪਏ ਇਕ ਦੂਜੇ ਦੇ ਖਾਤਿਆਂ ਵਿੱਚ ਟਰਾਂਸਫਰ ਕਰਨ ਦੀ ਗੱਲ ਕਹੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸ਼ਾਮ 4 ਵਜੇ ਤੱਕ ਰਾਖਵਾਂ ਰੱਖ ਲਿਆ ਸੀ ਪਰ ਖ਼ਬਰ ਲਿਖੇ ਜਾਣ ਤੱਕ ਅਦਾਲਤ ਦੇ ਹੁਕਮ ਨਹੀਂ ਆਏ ਸਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕੇਸ ਦੀ ਯੋਗ ਪੈਰਵੀ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੂੰ ਸੀਨੀਅਰ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਗਿਆ ਹੈ।