ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਦਸੰਬਰ
ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਅੱਜ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ| ਉਨ੍ਹਾਂ ਦੱਸਿਆ ਕਿ ਸੂਬੇ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ| ਉਚੇਰੀ ਸਿੱਖਿਆ ਮੰਤਰੀ ਨੇ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ ‘ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ| ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ’ਚ ਇਕ ਸਮਾਗਮ ਦੌਰਾਨ ਪਰਗਟ ਸਿੰਘ ਨੇ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਬਾਕੀ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ|