ਮੁੱਖ ਮੰਤਰੀ ਦੀ ਕੋਠੀ ਅੱਗੇ ਡਟੇ ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ
ਗੁਰਦੀਪ ਸਿੰਘ ਲਾਲੀ
ਸੁਪਰੀਮ ਕੋਰਟ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਰੱਦ ਕਰਨ ਦੇ ਫੈਸਲੇ ਤੋਂ ਚਿੰਤਤ ਪੰਜਾਬ ਭਰ ਦੇ ਸੈਂਕੜੇ ਸਹਾਇਕ ਪ੍ਰੈਫੈਸਰਾਂ ਅਤੇ ਲਾਇਬ੍ਰੇਰੀਅਨਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕਰਦਿਆਂ ਮੰਗ ਕੀਤੀ ਗਈ ਕਿ ਮਾਮਲਾ ਸੁਪਰੀਮ ਕੋਰਟ ਵਿਚ ਬਰਕਰਾਰ ਰਹਿਣ ਤੱਕ ਕਿਸੇ ਨੂੰ ਵੀ ਨੌਕਰੀ ਤੋਂ ਬਰਖਾਸਤ ਨਾ ਕੀਤਾ ਜਾਵੇ ਅਤੇ ਕਿਸੇ ਦਾ ਰੁਜ਼ਗਾਰ ਨਾ ਖੋਹਿਆ ਜਾਵੇ। ਰਾਜ ਭਰ ਤੋਂ ਸੈਂਕੜੇ ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਸਥਾਨਕ ਵੇਰਕਾ ਮਿਲਕ ਪਲਾਂਟ ਦੇ ਪਾਰਕ ਵਿਚ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਕਰਦੇ ਹੋਏ ਉਹ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ ਤਾਂ ਪੁਲੀਸ ਨੇ ਨਾਕੇਬੰਦੀ ਕਰ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਕਾਰਨ ਪ੍ਰਦਰਸ਼ਨਕਾਰੀਆਂ ਨੇ ਆਵਾਜਾਈ ਠੱਪ ਕਰ ਦਿੱਤੀ ਤੇ ਸੜਕ ਉਪਰ ਹੀ ਧਰਨਾ ਲਗਾ ਦਿੱਤਾ। ਇਸ ਮੌਕੇ ਡਾ. ਮੁਹੰਮਦ ਸੋਹੇਲ, ਡਾ. ਪਰਮਜੀਤ ਸਿੰਘ, ਡਾ. ਕਰਮਜੀਤ ਸਿੰਘ, ਡਾ. ਜਸਪ੍ਰੀਤ ਸਿਵੀਆ ਅਤੇ ਜਸਵਿੰਦਰ ਕੌਰ, ਜਸਕਰਨ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਅਜਿਹੇ ਗੰਭੀਰ ਮੁੱਦੇ ’ਤੇ ਮੁੱਖ ਮੰਤਰੀ ਪੰਜਾਬ ਵੱਲੋਂ ਕੋਈ ਵੀ ਬਿਆਨ ਨਾ ਦੇਣਾ ਸਰਕਾਰ ਦੀ ਨੀਅਤ ਉਪਰ ਸਵਾਲ ਖੜ੍ਹੇ ਕਰਦਾ ਹੈ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਨਾ ਹੋਈ ਤਾਂ ਉਹ ਅੱਗੇ ਵਧਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਨਾਲ 25 ਜੁਲਾਈ ਦੀ ਮੀਟਿੰਗ ਦਾ ਲਿਖਤੀ ਪੱਤਰ ਸੌਂਪਿਆ ਗਿਆ ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ।