ਬੀ.ਐਸ.ਚਾਨਾ
ਸ੍ਰੀ ਆਨੰਦਪੁਰ ਸਾਹਿਬ, 13 ਸਤੰਬਰ
ਖਾਲਸਾ ਪੰਥ ਦੇ ਜਨਮ ਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ’ਚ ਅੱਜ ਤੜਕੇ ਲੁਧਿਆਣਾ ਦੇ ਮਹਾਰਾਜ ਨਗਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਬੀੜੀ ਪੀ ਕੇ ਰਾਗੀ ਸਿੰਘਾਂ ਵੱਲ ਸੁੱਟਣ ਦੇ ਮਾਮਲੇ ਸਬੰਧੀ ਪੁਲੀਸ ਨੇ ਕੇਸ ਦਰਜ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਮੌਕੇ ਪਰਮਜੀਤ ਸਿੰਘ ਵੱਲੋਂ ਬੀੜੀ ਜਗਾਈ ਗਈ। ਜਦੋਂ ਤੱਕ ਸੇਵਾਦਾਰਾਂ ਦੇ ਧਿਆਨ ਵਿੱਚ ਆਇਆ ਉਦੋਂ ਤੱਕ ਉਸ ਨੇ ਬੀੜੀ ਰਾਗੀ ਸਿੰਘਾਂ ਵੱਲ ਸੁੱਟ ਦਿੱਤੀ। ਇਸ ਮਗਰੋਂ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਕੇ ਪੰਜਾਬ ਪੁਲੀਸ ਹਵਾਲੇ ਕਰ ਦਿੱਤਾ। ਮੌਕੇ ’ਤੇ ਪਹੁੰਚੇ ਜ਼ਿਲ੍ਹਾ ਪੁਲੀਸ ਮੁਖੀ ਵਿਵੇਕਸ਼ੀਲ ਸੋਨੀ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਨੰਦਪੁਰ ਸਾਹਿਬ ਅਦਾਲਤ ਨੇ ਮੁਲਜ਼ਮ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਦੌਰਾਨ ਆਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਚਿਨ ਕੌਸ਼ਲ ਨੇ ਕੇਸ ਨਾ ਲੜਨ ਦਾ ਫ਼ੈਸਲਾ ਲਿਆ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਤਾਕਤਾਂ ਨਾਲ ਨਜਿੱਠਣ ਦੀ ਲੋੜ ਹੈ। ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵੀ ਇਸ ਘਟਨਾ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਭਾਵੇਂ ਕਾਨੂੰਨੀ ਕਾਰਵਾਈ ਕੀਤੀ ਹੈ ਪਰ ਸਿੱਖ ਪੰਥ ਦੀ ਇਸ ਨਾਲ ਸੰਤੁਸ਼ਟੀ ਨਹੀਂ।
ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਅੰਮ੍ਰਿਤਸਰ (ਟਨਸ): ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਨਿਖੇਧੀ ਕਰਦਿਆਂ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਤਹਿ ਤਕ ਜਾਂਚ ਪੜਤਾਲ ਕਰਕੇ ਪਤਾ ਲਾਵੇ ਕਿ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਇਕ ਵਿਅਕਤੀ ਵੱਲੋਂ ਸਿਗਰੇਟ ਪੀ ਕੇ ਧੂੰਆਂ ਸੁੱਟਣ ਦੀ ਘਟਨਾ ਨਿੰਦਣਯੋਗ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮ ਤੋਂ ਪੁੱਛ-ਪੜਤਾਲ ਕਰ ਕੇ ਪਤਾ ਲਾਇਆ ਜਾਵੇ ਕਿ ਇਸ ਘਟਨਾ ਪਿੱਛੇ ਉਸ ਦੀ ਮਨਸ਼ਾ ਕੀ ਸੀ ਅਤੇ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ।