ਚੰਦਰ ਪ੍ਰਕਾਸ਼ ਕਾਲੜਾ/ਮਲਕੀਤ ਸਿੰਘ
ਜਲਾਲਾਬਾਦ, 7 ਜਨਵਰੀ
ਆਗਾਮੀ ਨਗਰ ਨਿਗਮ ਚੋਣਾਂ ’ਚ ਅਕਾਲੀ ਵਰਕਰਾਂ ਨੂੰ ਹੱਲਾਸ਼ੇਰੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਸੰਭਾਵੀ ਉਮੀਦਵਾਰਾਂ ਨੂੰ ਨਗਰ ਕੌਂਸਲ ਚੋਣਾਂ ਡਟ ਕੇ ਲੜਨ ਲਈ ਪ੍ਰੇਰਿਆ ਤੇ ਲੋਕਾਂ ਨੂੰ ਬੀਤੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਫਤਵਾ ਦੇਣ ਦੀ ਅਪੀਲ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਪ੍ਰੇਮ ਵਲੇਚਾ ਦੇ ਨਿਵਾਸ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਤੇ ਕਾਂਗਰਸੀ ਮੰਤਰੀਆਂ ਦਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਹਨ ਤੇ ਦੂਜੇ ਪਾਸੇ ਨੌਜਵਾਨ ਕਿਸਾਨਾਂ ’ਤੇ ਕੇਂਦਰ ਦੇ ਕਥਿਤ ਇਸ਼ਾਰੇ ’ਤੇ ਕੇਸ ਦਰਜ ਕਰ ਕੇ ਕਿਸਾਨੀ ਸੰਘਰਸ਼ ਨੂੰ ਅੰਦਰ ਖਾਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ।
‘ਆਵਲੇ ਨੇ ਨਾ ਡੱਕਾ ਤੋੜਿਆ ਤੇ ਨਾ ਤੋੜਨੈ’
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ‘ਆਪ’ ਕੋਲ ਭਗਵੰਤ ਮਾਨ, ਕਾਂਗਰਸ ਕੋਲ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਕੋਲ ਪ੍ਰਕਾਸ਼ ਸਿੰਘ ਬਾਦਲ ਵਰਗੇ ਚਿਹਰੇ ਹਨ ਤੇ ਲੋਕ ਆਪ ਹੀ ਅੰਦਾਜ਼ਾ ਲਗਾਉਣ ਕਿ ਭਗਵੰਤ ਮਾਨ ਵਰਗੇ ਮਖੌਲ ਕਰਨ ਵਾਲੇ ਅਤੇ ਕੈਪਟਨ ਵਰਗੇ ਝੂਠੀਆਂ ਸਹੁੰਆਂ ਖਾਣ ਵਾਲੇ ਕੀ ਉਨ੍ਹਾਂ ਦੇ ਦਿਲਾਂ ਵਿੱਚ ਘਰ ਬਣਾ ਸਕਣਗੇ। ਉਨ੍ਹਾਂ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਡੇਢ ਸਾਲ ਵਿੱਚ ਉਨ੍ਹਾਂ ਡੱਕਾ ਵੀ ਨਹੀਂ ਤੋੜਿਆ ਤੇ ਨਾ ਤੋੜਨੈਂ। ਉਨ੍ਹਾਂ ਕਿਹਾ ਕਿ ਸਿਰਫ਼ ਕੇਕ ਖਵਾਉਣ ਨਾਲ ਵਿਕਾਸ ਨਹੀਂ ਹੁੰਦੇ।