ਸਿੰਘ ਸਾਹਿਬਾਨ ਦੇ ਕਹਿਣ ’ਤੇ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ
ਜਥੇਦਾਰਾਂ ਤੇ ਐੱਸਜੀਪੀਸੀ ਪ੍ਰਧਾਨ ਵੱਲੋਂ ਪਟੀਸ਼ਨ ਦੇ ਨਿਪਟਾਰੇ ਲਈ ਸੰਘਰਸ਼ ਤੇਜ਼ ਕਰਨ ਦਾ ਭਰੋਸਾ
ਸਰਬਜੀਤ ਸਿੰਘ ਭੰਗੂ
ਪਟਿਆਲਾ, 8 ਦਸੰਬਰ
ਭਾਈ ਬਲਵੰਤ ਸਿੰੰਘ ਰਾਜੋਆਣਾ ਵੱਲੋਂ ਰੱਖੀ ਗਈ ਭੁੱਖ ਹੜਤਾਲ ਸਿੰਘ ਸਾਹਿਬਾਨ ਦੇ ਕਹਿਣ ’ਤੇ ਅੱਜ ਚੌਥੇ ਦਿਨ ਸਮਾਪਤ ਕਰ ਦਿੱਤੀ ਗਈ। ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਸੁਲਤਾਨ ਸਿੰਘ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੀ ਮੌਜੂਦ ਸਨ। ਇਸ ਮੌਕੇ ਦੋ ਘੰਟੇ ਚੱਲੀਆਂ ਤਕਰੀਰਾਂ ਦੌਰਾਨ ਇਸ ਵਫ਼ਦ ਵੱਲੋਂ ਕੀਤੇ ਗਏ ਵਾਅਦਿਆਂ ਅਤੇ ਸੁਝਾਵਾਂ ਨਾਲ ਸਹਿਮਤ ਹੁੰਦਿਆਂ ਰਾਜੋਆਣਾ ਨੇ ਭੁੱਖ ਹੜਤਾਲ ਸਮਾਪਤ ਕਰ ਦਿੱਤੀ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਪਵਿੱਤਰ ਸਰੋਵਰ ਵਿੱਚੋਂ ਲਿਆਂਦੇ ਗਏ ਪਵਿੱਤਰ ਜਲ ਸਮੇਤ ਜੂਸ ਵੀ ਸਿੰਘ ਸਾਹਿਬ ਨੇ ਆਪਣੇ ਹੱਥੀਂ ਰਾਜੋਆਣਾ ਨੂੰ ਪਿਲਾਇਆ। ਇਸ ਵਫ਼ਦ ਨੇ ਰਾਜੋਆਣਾ ਨੂੰ ਭਰੋਸਾ ਦਿਵਾਇਆ ਕਿ ਰਹਿਮ ਦੀ ਅਪੀਲ ਸਬੰਧੀ 12 ਸਾਲਾਂ ਤੋਂ ਲਟਕ ਰਹੀ ਪਟੀਸ਼ਨ ਦੇ ਜਲਦੀ ਨਿਪਟਾਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਰਾਜੋਆਣਾ ਨੂੰ ਦੱਸਿਆ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਵੱਲੋਂ ਕੀਤੇ ਗਏ ਦਸਤਖ਼ਤਾਂ ਵਾਲੀ ਫਾਈਲ ਨੂੰ ਸਿਰਾਂ ’ਤੇ ਚੁੱਕ ਕੇ 20 ਦਸੰਬਰ ਨੂੰ ਰਾਸ਼ਟਰਪਤੀ ਭਵਨ ਵੱਲ ਕੂਚ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਦੱਸਿਆ ਕਿ ਕੇਂਦਰ ਹੁਣ ਸਿੱਖ ਪੰਥ ਦਾ ਹੋਰ ਸਬਰ ਨਾ ਪਰਖੇ। ਇਸ ਮੌਕੇ ਸ਼੍ਰੋਮਣੀ ਕਮੇਟੀ ਕਾਰਜਕਾਰੀ ਮੈਂਬਰ ਜਸਮੇਰ ਲਾਛੜੂ, ਮੈਂਬਰ ਸਤਵਿੰਦਰ ਟੌਹੜਾ ਤੇ ਜਰਨੈਲ ਕਰਤਾਰਪੁਰ, ਮੈਨੇਜਰ ਕਰਨੈਲ ਵਿਰਕ ਤੇ ਮੀਤ ਮੈਨੇਜਰ ਜਰਨੈਲ ਮਕੌਰੜ ਸਾਹਿਬ ਅਤੇ ਭਾਗ ਸਿੰਘ ਚੌਹਾਨ ਆਦਿ ਵੀ ਮੌਜੂਦ ਸਨ। ਦੱਸਣਾ ਬਣਦਾ ਹੈ ਕਿ ਬੇਅੰਤ ਸਿੰਘ ਕਤਲ ਕਾਂਡ ਵਿੱਚ ਰਾਜੋਆਣਾ ਨੂੰ 2007 ’ਚ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਅਮਲ ’ਚ ਲਿਆਉਣ ਲਈ 30 ਮਾਰਚ 2012 ਦਾ ਦਿਨ ਮੁਕੱਰਰ ਕੀਤਾ ਗਿਆ ਸੀ ਪਰ ਰਾਜੋਆਣਾ ਵੱਲੋਂ ਕਾਨੂੰਨੀ ਚਾਰਾਜੋਈ ਨਾ ਕੀਤੀ ਗਈ, ਜਿਸ ਕਰ ਕੇ ਮਾਰਚ 2012 ’ਚ ਸ਼੍ਰੋਮਣੀ ਕਮੇਟੀ ਨੇ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਰਾਸ਼ਟਰਪਤੀ ਵੱਲੋਂ ਤਿੰਨ ਦਿਨ ਪਹਿਲਾਂ ਫਾਂਸੀ ’ਤੇ ਰੋਕ ਲਗਾ ਕੇ ਫਾਈਲ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਸੀ। ਰਾਜੋਆਣਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਸਫਾਂ ਵੱਲੋਂ ਸੁਹਿਰਦ ਯਤਨ ਨਾ ਕੀਤੇ ਜਾਣ ਕਰ ਕੇ ਹੀ ਇਹ ਫਾਈਲ 12 ਸਾਲਾਂ ਤੋਂ ਲਟਕੀ ਪਈ ਹੈ ਜਿਸ ਕਰ ਕੇ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਉਨ੍ਹਾਂ ਨੇ 5 ਦਸੰਬਰ ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ।
ਆਪਣੇ ਨਹੀਂ ਤਾਂ ਰੱਬ ਦੇ ਘਰ ਹੀ ਭੇਜ ਦਿਓ: ਰਾਜੋਆਣਾ
ਰਾਜੋਆਣਾ 27 ਸਾਲਾਂ ਤੋਂ ਜੇਲ੍ਹ ਵਿੱਚ ਅਤੇ 16 ਸਾਲਾਂ ਤੋਂ 8X8 ਦੇ ਫਾਂਸੀ ਚੱਕੀ ਵਾਲੇ ਸੈੱਲ ਵਿੱਚ ਬੰਦ ਹੈ। ਰਾਜੋਆਣਾ ਨੇ ਅੱਜ ਵਫਦ ਰਾਹੀਂ ਸਰਕਾਰ ਨੂੰ ਆਪਣੀ ਪਟੀਸ਼ਨ ਦੇ ਜਲਦੀ ਨਿਪਟਾਰੇ ਦੀ ਅਪੀਲ ਕੀਤੀ ਹੈ। ਉਸ ਦਾ ਤਰਕ ਸੀ ਕਿ ਉਹ ਛੋਟ ਨਹੀਂ ਬੱਸ ਪਟੀਸ਼ਨ ਦਾ ਨਿਪਟਾਰਾ ਚਾਹੁੰਦਾ ਹੈ। ਉਸ ਨੇ ਕਿਹਾ ਕਿ ਜੇਕਰ ਆਪਣੇ ਘਰ ਨਹੀਂ ਤਾਂ ਉਸ ਨੂੰ ਰੱਬ ਦੇ ਘਰ ਹੀ ਭੇਜ ਦਿੱਤਾ ਜਾਵੇ ਪਰ ਸਰਕਾਰ ਇਸ ਪਟੀਸ਼ਨ ਦਾ ਜਲਦੀ ਨਿਪਟਾਰਾ ਕਰੇ।
ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕਮੇਟੀ ਦੀ ਮੀਟਿੰਗ ਅੱਜ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ 9 ਦਸੰਬਰ ਨੂੰ ਸੱਦੀ ਗਈ ਹੈ। ਇਹ ਪੰਜ ਮੈਂਬਰੀ ਕਮੇਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਿਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਰਾਜੋਆਣਾ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਉਸ ਦੀ ਫਾਂਸੀ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਸਬੰਧੀ ਪਟੀਸ਼ਨ ਨੂੰ ਵਾਪਸ ਲਵੇ। ਇਹ ਪਟੀਸ਼ਨ 2012 ਵਿੱਚ ਦਾਇਰ ਕੀਤੀ ਗਈ ਸੀ ਪਰ 11 ਸਾਲ ਬੀਤਣ ਮਗਰੋਂ ਵੀ ਇਸ ਪਟੀਸ਼ਨ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਮੀਟਿੰਗ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿੱਚ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ। ਇਸ ਰੋਸ ਮਾਰਚ ਵਿੱਚ ਸਿੱਖ ਜਗਤ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।