ਪੰਜਾਬ ਵਿੱਚ ਅਜਾਰਜਕਤਾ ਦਾ ਮਾਹੌਲ, ਮਾਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ: ਖੰਨਾ
ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਬੁਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਆਪ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਇਸ ਵੇਲੇ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਹੈ।
ਸ੍ਰੀ ਖੰਨਾ ਨੇ ਅੱਜ ਇੱਥੇ ਕਾਕੜਾ ਰੋਡ ’ਤੇ ਮਨਦੀਪ ਸਿੰਘ ਬੜਿੰਗ ਦੀ ਅਗਵਾਈ ਵਿੱਚ ਮੁਹੱਲਾ ਵਾਸੀਆਂ ਨਾਲ ਇੱਕ ਪਬਲਿਕ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲੀਆਂ ਸਰਕਾਰਾਂ ਤੋਂ ਨਿਰਾਸ਼ ਹੋ ਕੇ ਭਗਵੰਤ ਮਾਨ ਅਤੇ ਉਨ੍ਹਾਂ ਦੇ ਗੈਰ-ਤਜਰਬੇਕਾਰ 92 ਸਾਥੀਆਂ ਨੂੰ ਪੰਜਾਬ ਦੀ ਵਾਗਡੋਰ ਸੰਭਾਲਣ ਦਾ ਮੌਕਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਵਿੱਚ ਕੋਈ ਵੱਡੀ ਇੰਡਸਟਰੀ ਨਹੀਂ ਲੱਗੀ ਅਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਲੋਕ ਇਸ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ 2027 ਦੀਆਂ ਚੋਣਾਂ ਦੌਰਾਨ ਇਨ੍ਹਾਂ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿੱਜੀ ਸੋਚ ਹੈ ਕਿ ਪੰਜਾਬ ਦੀ ਬਿਹਤਰੀ ਲਈ ਭਾਜਪਾ-ਅਕਾਲੀ ਗੱਠਜੋੜ ਹੋਣਾ ਚਾਹੀਦਾ ਹੈ। ਇਸ ਮੌਕੇ ਮੇਜਰ ਸਿੰਘ ਖਾਲਸਾ, ਮੰਗਲ ਸ਼ਰਮਾ, ਪ੍ਰਮਿੰਦਰ ਸਿੰਘ ਲਾਡੀ ਬੜਿੰਗ, ਹਰਵਿੰਦਰ ਸਿੰਘ, ਹਰਜਿੰਦਰ ਸਿੰਘ ਬਿੱਟੂ ਅਤੇ ਨਪਿੰਦਰ ਸਿੰਘ ਆਦਿ ਹਾਜ਼ਰ ਸਨ।