ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਅਪਰੈਲ
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਅਮਰੀਕਾ ਵਿੱਚ ਨਿਊਯਾਰਕ ਦੇ ਰਿਚਮੰਡ ਹਿੱਲ ’ਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਸ੍ਰੀ ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੀੜਤ ਸੱਜਣ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਵਿੱਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲੀਸ ਵੱਲੋਂ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਊਯਾਰਕ ਦੇ ਰਿਚਮੰਡ ਹਿੱਲ ’ਚ ਰਹਿੰਦੇ ਸੱਜਣ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।