ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸੁਖਬੀਰ ’ਤੇ ਹਮਲਾ

ਸੁਰੱਖਿਆ ਲਈ ਤਾਇਨਾਤ ਏਐੱਸਆਈ ਨੇ ਹਮਲਾਵਰ ਨੂੰ ਮਾਰਿਆ ਜੱਫਾ; ਅਕਾਲ ਫੈਡਰੇਸ਼ਨ ਦੇ ਆਗੂ ਨਰੈਣ ਸਿੰਘ ਚੌੜਾ ਨੇ ਚਲਾਈ ਸੀ ਗੋਲੀ
ਨਰੈਣ ਸਿੰਘ ਚੌੜਾ ਵੱਲੋਂ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਹਮਲੇ ਨੂੰ ਰੋਕਦਾ ਹੋਇਆ ਸੁਰੱਖਿਆ ਕਰਮੀ। -ਫੋਟੋ: ਵਿਸ਼ਾਲ ਕੁਮਾਰ
Advertisement

* ਨਿਸ਼ਾਨਾ ਖੁੰਝਣ ਕਾਰਨ ਇਕ ਗੋਲੀ ਡਿਓਢੀ ਦੀ ਇਮਾਰਤ ਵਿੱਚ ਲੱਗੀ; ਅਕਾਲੀ ਆਗੂਆਂ ਨੇ ਹਮਲੇ ਲਈ ਸਰਕਾਰ ਨੂੰ ਘੇਰਿਆ

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 4 ਦਸੰਬਰ

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵੱਜੋਂ ਸੇਵਾ ਨਿਭਾਅ ਰਹੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅੱਜ ਉਸ ਵੇਲੇ ਵਾਲ-ਵਾਲ ਬਚ ਗਏ ਜਦੋਂ ਖਾਲਿਸਤਾਨੀ ਆਗੂ ਅਤੇ ਅਕਾਲ ਫੈਡਰੇਸ਼ਨ ਦੇ ਮੁਖੀ ਨਰੈਣ ਸਿੰਘ ਚੌੜਾ ਨੇ ਐਨ ਨੇੜਿਉਂ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ। ਸੁਖਬੀਰ ਦੀ ਸੁਰੱਖਿਆ ਵਿੱਚ ਸਾਦੀ ਵਰਦੀ ’ਚ ਤਾਇਨਾਤ ਏਐੱਸਆਈ ਜਸਬੀਰ ਸਿੰਘ ਨੇ ਚੌੜਾ ਨੂੰ ਜਦੋਂ ਡੱਬ ’ਚੋਂ ਪਸਤੌਲ ਕੱਢਦੇ ਦੇਖਿਆ ਤਾਂ ਫੁਰਤੀ ਨਾਲ ਉਸ ਨੂੰ ਜੱਫਾ ਪਾ ਲਿਆ ਅਤੇ ਇਕ ਗੋਲੀ ਨਿਸ਼ਾਨਾ ਖੁੰਝ ਕੇ ਪ੍ਰਵੇਸ਼ ਦੁਆਰ ਦੀ ਡਿਓਢੀ ਦੀ ਇਮਾਰਤ ਵਿੱਚ ਜਾ ਲੱਗੀ। ਜਿਸ ਵੇਲੇ ਗੋਲੀ ਚੱਲੀ, ਉਸ ਸਮੇਂ ਸ਼ਰਧਾਲੂ ਆ-ਜਾ ਰਹੇ ਸਨ। ਘਟਨਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ।

ਸੁਖਬੀਰ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ’ਚ ਪਤੀ ਦੀ ਸਲਾਮਤੀ ਦੀ ਅਰਦਾਸ ਕਰਨ ਜਾਂਦੀ ਹੋਈ ਉਨ੍ਹਾਂ ਦੀ ਧਰਮਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ।

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਨੇ ਹਮਲਾਵਰ ਨੂੰ ਤੁਰੰਤ ਕਾਬੂ ਕਰਕੇ ਹਮਲੇ ਨੂੰ ਨਾਕਾਮ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਵੇਲੇ ਗੋਲੀ ਚਲਾਉਣ ਦਾ ਯਤਨ ਕੀਤਾ ਗਿਆ, ਉਸ ਵੇਲੇ ਤਿੰਨ ਪੁਲੀਸ ਕਰਮਚਾਰੀ ਸਾਦੇ ਕੱਪੜਿਆਂ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਤਾਇਨਾਤ ਸਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਧਾਰਮਿਕ ਅਸਥਾਨ ਹੋਣ ਕਾਰਨ ਇੱਥੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਤਲਾਸ਼ੀ ਨਹੀਂ ਲਈ ਜਾ ਸਕਦੀ ਹੈ ਪਰ ਇਸ ਦੇ ਬਾਵਜੂਦ ਸੁਰੱਖਿਆ ਕਰਮਚਾਰੀ ਚੌਕਸ ਸਨ।

ਅਕਾਲ ਤਖ਼ਤ ਵੱਲੋਂ ਲਾਈ ਗਈ ਤਨਖਾਹ ਦੇ ਮੱਦੇਨਜ਼ਰ ਦਰਬਾਰ ਸਾਹਿਬ ਕੰਪਲੈਕਸ ’ਚ ਪਖਾਨਿਆਂ ਦੀ ਸਾਫ ਸਫਾਈ ਦੀ ਸੇਵਾ ਕਰਦੇ ਹੋਏ ਅਕਾਲੀ ਆਗੂ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਹੋਰ।

ਇਹ ਘਟਨਾ ਸਵੇਰੇ ਲਗਭਗ ਸਾਢੇ 9 ਵਜੇ ਦੀ ਹੈ ਜਦੋਂ ਅਕਾਲ ਤਖ਼ਤ ਵੱਲੋਂ ਲਾਈ ਗਈ ਤਨਖਾਹ ਤਹਿਤ ਸੁਖਬੀਰ ਸਿੰਘ ਬਾਦਲ ਅੱਜ ਲਗਾਤਾਰ ਦੂਜੇ ਦਿਨ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪ੍ਰਵੇਸ਼ ਦੁਆਰ ’ਤੇ ਪਹਿਰੇਦਾਰ ਦੀ ਸੇਵਾ ਨਿਭਾਉਣ ਲਈ ਤਾਇਨਾਤ ਸਨ। ਸੁਖਬੀਰ ਸੇਵਾਦਾਰ ਵਾਲਾ ਨੀਲਾ ਚੋਲਾ ਪਹਿਨ ਕੇ ਅਤੇ ਹੱਥ ’ਚ ਬਰਛਾ ਫੜ ਕੇ ਵੀਲ੍ਹ ਚੇਅਰ ’ਤੇ ਬੈਠੇ ਹੋਏ ਸਨ। ਦੂਜੇ ਪਾਸੇ ਇਸੇ ਤਰ੍ਹਾਂ ਸੁਖਦੇਵ ਸਿੰਘ ਢੀਂਡਸਾ ਵੀ ਸੇਵਾ ਨਿਭਾਅ ਰਹੇ ਸਨ। ਇਸ ਘਟਨਾ ਮਗਰੋਂ ਵੀ ਸੁਖਬੀਰ ਸਿੰਘ ਬਾਦਲ ਤਨਖਾਹ ਤਹਿਤ ਇਕ ਘੰਟੇ ਤੱਕ ਪਹਿਰੇਦਾਰੀ ’ਤੇ ਤਾਇਨਾਤ ਰਹੇ। ਬਾਅਦ ’ਚ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਕੀਰਤਨ ਸਰਵਣ ਕੀਤਾ ਅਤੇ ਗੁਰੂ ਰਾਮਦਾਸ ਲੰਗਰ ਘਰ ਵਿੱਚ ਭਾਂਡੇ ਵੀ ਸਾਫ਼ ਕੀਤੇ। ਹੁਣ ਉਹ ਦੋ-ਦੋ ਦਿਨਾਂ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਮੁਕਤਸਰ ਸਾਹਿਬ ਅਤੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਵੀ ਇਹੋ ਸੇਵਾ ਨਿਭਾਉਣਗੇ।

ਅਕਾਲ ਤਖ਼ਤ ਵੱਲੋਂ ਲਗਾਈ ਤਨਖਾਹ ਦੇ ਮੱਦੇਨਜ਼ਰ ਦਰਬਾਰ ਸਾਹਿਬ ਕੰਪਲੈਕਸ ’ਚ ਪਖਾਨਿਆਂ ਦੀ ਸਾਫ ਸਫਾਈ ਦੀ ਸੇਵਾ ਕਰਦੇ ਹੋਏ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ। -ਫੋਟੋਆਂ: ਵਿਸ਼ਾਲ ਕੁਮਾਰ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਕੇ ’ਤੇ ਪੁੱਜੇ। ਉਹ ਕੁਝ ਭਾਵੁਕ ਵੀ ਦਿਖਾਈ ਦਿੱਤੇ ਅਤੇ ਉਨ੍ਹਾਂ ਗੁਰੂ ਘਰ ਵਿੱਚ ਸੁਖਬੀਰ ਸਿੰਘ ਬਾਦਲ ਦੀ ਸਲਾਮਤੀ ਦੀ ਅਰਦਾਸ ਵੀ ਕੀਤੀ। ਮਗਰੋਂ ਉਨ੍ਹਾਂ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੰਗਤ ਦੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਵੀ ਕੀਤੀ। ਉਨ੍ਹਾਂ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਅਤੇ ਘਟਨਾ ਬਾਰੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਮੌਜੂਦ ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਆਗੂ ਤੁਰੰਤ ਮੌਕੇ ’ਤੇ ਪੁੱਜੇ ਮਜੀਠੀਆ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਗੁਰੂ ਚਰਨਾਂ ਵਿੱਚ ਸੇਵਾ ਕਰ ਰਹੇ ਵਿਅਕਤੀ ’ਤੇ ਗੋਲੀ ਚਲਾਉਣ ਵਰਗੀ ਅਜਿਹੀ ਕਾਇਰਾਨਾ ਕਾਰਵਾਈ ਕੋਈ ਸਿੱਖ ਵਿਅਕਤੀ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੇਵਾ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਇਸ ਮਾਮਲੇ ਵਿੱਚ ਸੂਬੇ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ’ਤੇ ਸਵਾਲੀਆ ਨਿਸ਼ਾਨ ਵੀ ਲਾਏ। ਪਾਰਟੀ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਸ ਮਾਮਲੇ ਦੀ ਜੁਡੀਸ਼ਲ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਹੁਣ ਸਰਕਾਰ ’ਤੇ ਭਰੋਸਾ ਨਹੀਂ ਰਿਹਾ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਮੰਗਲਵਾਰ ਨੂੰ ਵੀ ਇਸੇ ਥਾਂ ’ਤੇ ਆਇਆ ਸੀ ਅਤੇ ਪੁਲੀਸ ਨੂੰ ਇਸ ਬਾਰੇ ਜਾਣਕਾਰੀ ਸੀ। ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਕੋਲ ਇਸ ਦੀ ਜਾਣਕਾਰੀ ਸੀ ਤਾਂ ਉਨ੍ਹਾਂ ਪਹਿਲਾਂ ਇਸ ਦੀ ਰੋਕਥਾਮ ਲਈ ਕੋਈ ਕਾਰਵਾਈ ਕਿਉਂ ਨਹੀਂ ਕੀਤੀ।

ਸੁਖਬੀਰ ’ਤੇ ਹਮਲਾ ਨਾਕਾਮ ਬਣਾਉਣ ਲਈ ਕੇਜਰੀਵਾਲ ਵੱਲੋਂ ਪੰਜਾਬ ਪੁਲੀਸ ਦੀ ਸ਼ਲਾਘਾ

ਨਵੀਂ ਦਿੱਲੀ:

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਹਰਿਮੰਦਰ ਸਾਹਿਬ ਦੇ ਬਾਹਰ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ‘ਬਹੁਤ ਵੱਡੀ’ ਘਟਨਾ ਨੂੰ ਨਾਕਾਮ ਕਰਨ ਲਈ ਪੰਜਾਬ ਪੁਲੀਸ ਦੀ ਸ਼ਲਾਘਾ ਕੀਤੀ ਹੈ। ਦਿੱਲੀ ਵਿਧਾਨ ਸਭਾ ’ਚ ਆਪਣੇ ਸੰਬੋਧਨ ਦੌਰਾਨ ਕੇਜਰੀਵਾਲ ਨੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ‘ਬਹੁਤ ਵੱਡੀਆਂ ਤਾਕਤਾਂ’ ਪੰਜਾਬ ਅਤੇ ਸੂਬੇ ਦੇ ਲੋਕਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਘੜ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਨਾ ਸਿਰਫ਼ ਹਮਲੇ ਨੂੰ ਨਾਕਾਮ ਬਣਾਇਆ ਸਗੋਂ ਉਨ੍ਹਾਂ ਮਿਸਾਲ ਵੀ ਕਾਇਮ ਕੀਤੀ ਹੈ ਕਿ ਕਿਵੇਂ ਅਮਨ-ਕਾਨੂੰਨ ਨੂੰ ਬਹਾਲ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੁਖਬੀਰ ਬਾਦਲ ’ਤੇ ਹਮਲੇ ਦਾ ਮੁੱਦਾ ਚੁੱਕਿਆ ਪਰ ਉਹ ਦਿੱਲੀ ’ਚ ਹੱਤਿਆਵਾਂ, ਜਬਰ-ਜਨਾਹ ਅਤੇ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਖਾਮੋਸ਼ ਹੈ। -ਪੀਟੀਆਈ

‘ਆਪ’ ਸਰਕਾਰ ਦੇ ਰਾਜ ਹੇਠ ਪੰਜਾਬ ’ਚ ਅਮਨ-ਕਾਨੂੰਨ ਦੀ ਹਾਲਤ ਵਿਗੜੀ: ਭਾਜਪਾ

ਨਵੀਂ ਦਿੱਲੀ:

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਅੰਮ੍ਰਿਤਸਰ ’ਚ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਭਾਜਪਾ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ ਦੀ ਹਾਲਤ ਵਿਗੜ ਗਈ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਕੌਮੀ ਤਰਜਮਾਨ ਸੁਧਾਂਸ਼ੂ ਤ੍ਰਿਵੇਦੀ ਨੇ ਸੁਖਬੀਰ ’ਤੇ ਹਮਲੇ ਦੀ ਕੋਸ਼ਿਸ਼ ਸਬੰਧੀ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਤੋਂ ਪੰਜਾਬ ’ਚ ‘ਆਪ’ ਦੀ ਸਰਕਾਰ ਸੱਤਾ ’ਚ ਆਈ ਹੈ, ਸੂਬੇ ਦਾ ਅਮਨ-ਚੈਨ ਭੰਗ ਹੋ ਗਿਆ ਹੈ। ਤ੍ਰਿਵੇਦੀ ਨੇ ਕਿਹਾ, ‘‘ਸੁਖਬੀਰ ’ਤੇ ਹਰਿਮੰਦਰ ਸਾਹਿਬ ਦੇ ਬਾਹਰ ਹਮਲੇ ਦੀ ਕੋਸ਼ਿਸ਼ ਨਾਲ ਹਰ ਦੇਸ਼ਭਗਤ ਵਿਅਕਤੀ ਹਿੱਲ ਗਿਆ ਹੈ। ਪੰਜਾਬ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਪਵੇਗਾ।’’ ਕਿਸੇ ਦਾ ਨਾਮ ਲਏ ਬਿਨਾਂ ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਸੂਬੇ ਦੇ ‘ਅਣ-ਅਧਿਕਾਰਤ ਮੁੱਖ ਮੰਤਰੀ ਅਤੇ ਅਧਿਕਾਰਤ ਮੁੱਖ ਮੰਤਰੀ’ ਨੂੰ ਲੈ ਕੇ ‘ਆਪ’ ’ਚ ਰੱਸਾਕਸ਼ੀ ਚੱਲ ਰਹੀ ਹੈ ਜਿਸ ਨਾਲ ਸੂਬੇ ਦੇ ਹਾਲਾਤ ਵਿਗੜਨ ਦੇ ਨਾਲ ਨਾਲ ਅਰਥਚਾਰਾ ਵੀ ਲੀਹੋਂ ਲੱਥ ਗਿਆ ਹੈ। -ਪੀਟੀਆਈ

ਮੁੱਖ ਮੰਤਰੀ ਵੱਲੋਂ ਹਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ

ਐੱਸਏਐੈੱਸ ਨਗਰ (ਦਰਸ਼ਨ ਸਿੰਘ ਸੋਢੀ):

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਪੁਲੀਸ ਮੁਖੀ ਨੂੰ ਹਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਹਮਲਾ ਨਾਕਾਮ ਕਰਨ ਲਈ ਪੰਜਾਬ ਪੁਲੀਸ ਦੀ ਪਿੱਠ ਥਾਪੜਦਿਆਂ ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਦਾ ਮਨਸੂਬਾ ਨਾਕਾਮ ਬਣਾ ਦਿੱਤਾ। ਮੁਹਾਲੀ ’ਚ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਣਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲੀਸ ਅਫ਼ਸਰਾਂ ਤੋਂ ਇਲਾਵਾ ਤਕਰੀਬਨ 175 ਪੁਲੀਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਸਮੁੱਚੇ ਘਟਨਾਕ੍ਰਮ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲੀਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ।

ਸੁਖਬੀਰ ’ਤੇ ਨਹੀਂ, ਦਰਬਾਰ ਸਾਹਿਬ ਦੇ ਸੇਵਾਦਾਰ ’ਤੇ ਹਮਲਾ: ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਸੇਵਾ ਕਰਨ ਦੌਰਾਨ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਅਕਾਲ ਤਖ਼ਤ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਦੀ ਲਾਈ ਗਈ ਸੇਵਾ ਕਰ ਰਹੇ ਇੱਕ ਸੇਵਾਦਾਰ ’ਤੇ ਹੋਇਆ ਹੈ। ਉਨ੍ਹਾਂ ਪੁਲੀਸ ਨੂੰ ਆਖਿਆ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਪਤਾ ਲਗਾਉਣ ਕਿ ਹਮਲੇ ਪਿੱਛੇ ਕਿਸ ਦੀ ਸਾਜ਼ਿਸ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਸੇਵਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਹਿੰਸਕ ਪ੍ਰਵਿਰਤੀ ਨਾਲ ਕੀਤਾ ਗਿਆ ਹਮਲਾ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਆਖਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ, ਗ਼ੈਰ-ਮਨੁੱਖੀ ਹਰਕਤ ਅਤੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸਰਕਾਰ ਅਤੇ ਪੰਜਾਬ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਤੇ ਅਮਨ-ਕਾਨੂੰਨ ਦੇ ਹਾਲਾਤ ’ਤੇ ਵੀ ਵੱਡੇ ਸਵਾਲ ਖੜ੍ਹੇ ਕਰਦਾ ਹੈ।

ਸੁਖਬੀਰ ’ਤੇ ਹਮਲੇ ਦੀ ਕੋਸ਼ਿਸ਼ ਮੰਦਭਾਗੀ ਘਟਨਾ: ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ):

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਅਤਿ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਉਹ ਪਵਿੱਤਰ ਅਸਥਾਨ ਹੈ ਜਿੱਥੇ ਜੋ ਵੀ ਆਉਂਦਾ ਹੈ ਉਹ ਆਪਣੇ ਆਪ ਨੂੰ ਭੈਅ ਮੁਕਤ ਅਤੇ ਗੁਰੂ ਅੱਗੇ ਸਮਰਪਿਤ ਹੋਣ ਦੀ ਭਾਵਨਾ ਲੈ ਕੇ ਆਉਂਦਾ ਹੈ। ਇਸ ਕਰਕੇ ਹਮਲੇ ਦੀ ਕੋਸ਼ਿਸ਼ ਅਤਿ ਮੰਦਭਾਗੀ ਹੈ।

Advertisement