ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 5 ਸਤੰਬਰ
ਰੰਘਰੇਟੇ ਗੁਰੂ ਕੇ ਬੇਟੇ ਨਾਮ ਨਾਲ ਨਾਲ ਪ੍ਰਸਿੱਧ ਸਿੱਖ ਕੌਮ ਦੀ ਮਹਾਨ ਸ਼ਹੀਦ ਭਾਈ ਜੈਤਾ ਜੀ ਜੀਵਨ ਸਿੰਘ ਦੇ 361ਵੇਂ ਜਨਮ ਦਿਹਾੜੇ ਨੂੰ ਨੂੰ ਸਮਰਪਿਤ ਧਾਰਮਿਕ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ , ਸ਼੍ਰੋਮਣੀ ਅਕਾਲੀ ਪੰਥ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਮੇਜਰ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਵਿੱਚ ਹਾਜ਼ਰੀਆਂ ਭਰੀਆਂ। ਇਸ ਮੌਕੇ ਸਵੇਰ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਮਗਰੋਂ ਦਸਮੇਸ਼ ਦੀਵਾਨ ਹਾਲ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਜੈਤਾ ਜੀ ਸਿੱਖ ਇਤਿਹਾਸ ਵਿੱਚ ਇਕ ਵੱਡਾ ਨਾਮ ਹੈ। ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅੰਮ੍ਰਿਤ ਛਕ ਬਾਣੀ ਤੇ ਬਾਣੇ ਦੇ ਧਾਰਨੀ ਹੋ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਪੁੱਤਰ ਬਣਨ ਦੀ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬਹੁਤ ਸਾਰੀਆਂ ਤਾਕਤਾਂ ਸਿੱਖਾਂ ਵਿੱਚ ਪਾੜਾ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਨੇ ਪ੍ਰੰਤੂ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਨੂੰ ਸਰਦਾਰੀਆਂ ਬਖ਼ਸ਼ੀਆਂ ਗਈਆਂ ਹਨ ਅਤੇ ਕਿਸੇ ਹੋਰ ਦੇ ਪਿੱਛੇ ਲੱਗਣ ਦੀ ਕੋਈ ਲੋੜ ਨਹੀਂ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਹਰ ਸਾਲ 5 ਸਤੰਬਰ ਨੂੰ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਮੰਚ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।