ਲੁਧਿਆਣਾ (ਗਗਨਦੀਪ ਅਰੋੜਾ): ਸੂਬੇ ਦੇ ਸਭ ਤੋਂ ਮਹਿੰਗੇ ਟੌਲ ਪਲਾਜ਼ਾ ਲਾਡੋਵਾਲ ਨੂੰ ਖੋਲ੍ਹਣ ਦਾ ਅਮਲ ਅੱਜ ਕਿਸਾਨਾਂ ਦੇ ਵਿਰੋਧ ਕਰ ਕੇ ਸਿਰੇ ਨਹੀਂ ਚੜ੍ਹ ਸਕਿਆ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਕਾਦੀਆਂ ਨੇ ਅੱਜ ਲਾਡੋਵਾਲ ਟੌਲ ਪਲਾਜ਼ਾ ’ਤੇ ਐਲਾਨ ਕੀਤਾ ਕਿ ਅਗਲੇ ਫੈਸਲੇ ਤੱਕ ਪੰਜਾਬ ਭਰ ’ਚ ਟੌਲ ਪਲਾਜ਼ਾ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਕਈ ਟੌਲ ਪਲਾਜ਼ਿਆਂ ’ਤੇ ਪਰਚੀ ਦੇ ਰੇਟ ਦੁੱਗਣੇ ਕੀਤੇ ਗਏ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਯੂਨੀਅਨਾਂ ਨੇ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ, ਪਰ ਇਸ ’ਤੇ ਸਰਕਾਰ ਨੇ ਧਿਆਨ ਨਹੀਂ ਦਿੱਤਾ। ਇਸ ਲਈ ਹੁਣ ਟੌਲ ਪਲਾਜ਼ਿਆਂ ’ਤੇ ਲੱਗੇ ਹੋਏ ਪੱਕੇ ਮੋਰਚੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿੱਚ ਅਗਲੇ ਇੱਕ-ਦੋ ਦਿਨ ਵਿੱਚ ਉਹ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਫੈਸਲਾ ਲੈਣਗੇ।
ਗੁਰੂਸਰ ਸੁਧਾਰ (ਸੰਤੋਖ ਗਿੱਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਲਹਿਰਾ ਟੌਲ ਪਲਾਜ਼ਾ ਉੱਪਰ ਪੱਕਾ ਮੋਰਚਾ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਅਤੇ ਕਿਸਾਨ ਬੀਬੀਆਂ ਨੇ ਅੱਜ ਵੀ ਧਰਨੇ ਵਿਚ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਟੌਲ ਪਲਾਜ਼ੇ ਉੱਪਰ ਫ਼ੀਸਾਂ ਦੇ ਵਾਧੇ ਦੀ ਕੋਈ ਸ਼ਰਤ ਮਨਜ਼ੂਰ ਨਹੀਂ ਹੈ। ਲਹਿਰਾ ਟੌਲ ਪਲਾਜ਼ਾ ਉੱਪਰ ਲੰਬਾ ਸਮਾਂ ਚੱਲੇ ਧਰਨੇ ਵਿਚ ਸਰਗਰਮ ਵਰਕਰਾਂ, ਸੇਵਾਦਾਰਾਂ, ਵਾਲੰਟੀਅਰਾਂ, ਕਿਸਾਨਾਂ-ਮਜ਼ਦੂਰਾਂ ਅਤੇ ਕਿਸਾਨ ਬੀਬੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਕਿਸਾਨ ਆਗੂਆਂ ਨੇ ਮਾਨਸਾ ਵਿਚ ਬੇਰੁਜ਼ਗਾਰਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਕਰਨ ਵਾਲੇ ਡੀਐੱਸਪੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ। ਜਥੇਬੰਦੀ ਨੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਜਗਮੀਤ ਸਿੰਘ ਕਲਾਹੜ, ਰਾਜਿੰਦਰ ਸਿੰਘ, ਗੁਰਮੇਲ ਸਿੰਘ ਨੇ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ।