ਬੀ ਐੱਸ ਚਾਨਾ
ਸ੍ਰੀ ਕੀਰਤਪੁਰ ਸਾਹਿਬ, 30 ਅਕਤੂਬਰ
ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ’ਤੇ ਦੇਵੀ ਦੇਵਤਿਆਂ ਦੀ ਤਸਵੀਰ ਲਗਾਉਣ ਦੀ ਮੰਗ ਨੂੰ ਲੋਕਾਂ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਸ਼ਾਹੀ ਇਮਾਮ ਨੇ ਕਿਹਾ ਕਿ ਸਿਆਸਤਦਾਨ ਧਰਮ ਨੂੰ ਆਪਣੇ ਅਧੀਨ ਕਰ ਕੇ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ ਤੇ ਇਸੇ ਉਦੇਸ਼ ਹਿਤ ਉਨ੍ਹਾਂ ਵੱਲੋਂ ਅਜਿਹੇ ਮੁੱਦੇ ਖੜ੍ਹੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿਆਸਤਦਾਨ ਕਿਸੇ ਇੱਕ ਫ਼ਿਰਕੇ ਜਾਂ ਇੱਕ ਧਰਮ ਦੇ ਲੋਕਾਂ ਦੀਆਂ ਵੋਟਾਂ ਬਟੋਰਨ ਲਈ ਅਜਿਹੀ ਬਿਆਨਬਾਜ਼ੀ ਕਰਦਾ ਹੈ ਤਾਂ ਉਹ ਨਿੰਦਣਯੋਗ ਹੈ।
ਇਸ ਦੇ ਨਾਲ ਹੀ ਮੌਲਾਨਾ ਉਸਮਾਨ ਰਹਿਮਾਨੀ ਨੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਦੇਸ਼ ਤੋਂ ਬਾਹਰ ਖ਼ੁਦ ਨੂੰ ਸਭ ਤੋਂ ਵੱਡੀ ਲੋਕਤਾਂਤਰਿਕ ਪਾਰਟੀ ਦੱਸਦੀ ਹੈ, ਜਦਕਿ ਭਾਰਤ ਵਿੱਚ ਉਹ ਸਿਰਫ਼ ਇੱਕ ਧਰਮ ਦੇ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿਆਸੀ ਪਾਰਟੀਆਂ ਧਰਮ ਅਤੇ ਜਾਤੀ ਦੇ ਆਧਾਰ ’ਤੇ ਵੋਟਾਂ ਬਟੋਰਨ ਵਿੱਚ ਲੱਗੀਆਂ ਹੋਈਆਂ ਹਨ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ਼ਾਹੀ ਇਮਾਮ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸਿੱਖ ਪੰਥ ਦੇ ਹੋਰਨਾਂ ਨੁਮਾਇੰਦਿਆਂ ਨੂੰ ਅੰਮ੍ਰਿਤਪਾਲ ਸਿੰਘ ਨਾਲ ਬੈਠ ਕੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ ਕਿਉਂਕਿ ਉਹ ਕਈ ਮੁੱਦਿਆਂ ’ਤੇ ਸਹੀ ਰਾਏ ਰੱਖਦੇ ਹਨ।
ਉਧਰ ਸੂਬੇ ਅੰਦਰ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਸਬੰਧੀ ਸ਼ਾਹੀ ਇਮਾਮ ਨੇ ਅਪੀਲ ਕੀਤੀ ਕਿ ਪੰਜਾਬੀ ਮਾਂ ਬੋਲੀ ਦੇ ਵਾਰਸਾਂ ਨੂੰ ਆਪਣੀ ਬੋਲੀ ਬੋਲਣ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਵਿੱਚ ਲੜਕੀਆਂ ਦਾ ਕਾਲਜ ਖੋਲ੍ਹਣ ਜਾ ਰਹੇ ਹਨ, ਜਿਸ ਵਿੱਚ ਹਰ ਧਰਮ ਦੀਆਂ ਲੜਕੀਆਂ ਨੂੰ ਆਪਣੇ ਧਾਰਮਿਕ ਅਤੇ ਰਵਾਇਤੀ ਪਹਿਰਾਵੇ ਪਾ ਕੇ ਪੜ੍ਹਨ ਦੀ ਆਜ਼ਾਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਇੱਕ ਵੱਖਰੀ ਕਿਸਮ ਦੀ ਆਧੁਨਿਕ ਸੰਸਥਾ ਹੋਵੇਗੀ, ਜਿਸ ਵਿੱਚ ਅੱਜ ਦੇ ਸਮੇਂ ਦੇ ਹਾਣ ਦੀ ਪੜ੍ਹਾਈ ਕਰਵਾਈ ਜਾਵੇਗੀ।