ਆਤਿਸ਼ ਗੁਪਤਾ
ਚੰਡੀਗੜ੍ਹ, 25 ਅਕਤੂਬਰ
ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਲਈ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਕੈਬਨਿਟ ਮੰਤਰੀ ਸਰਾਰੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਸੀ, ਪਰ ਅੱਜ 28 ਦਿਨ ਬੀਤਣ ਦੇ ਬਾਵਜੂਦ ਸਰਾਰੀ ਨੇ ਪਾਰਟੀ ਨੂੰ ਕੋਈ ਜਵਾਬ ਨਹੀਂ ਦਿੱਤਾ। ਕੈਬਨਿਟ ਮੰਤਰੀ ਦੇ ਅਜਿਹੇ ਰਵੱਈਏ ਨੂੰ ਵੇਖਦਿਆਂ ਪਾਰਟੀ ਸਰਾਰੀ ਖਿਲਾਫ਼ ਛੇਤੀ ਤੇ ਮਿਸਾਲੀ ਕਾਰਵਾਈ ਕਰਨ ਦੇ ਰੌਂਅ ਵਿੱਚ ਹੈ।
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦਾ ਸਤੰਬਰ 2022 ਦੇ ਅਖੀਰਲੇ ਹਫ਼ਤੇ ਵਿੱਚ ‘ਆਡੀਓ ਕਲਿੱਪ’ ਵਾਇਰਲ ਹੋਣ ਕਰਕੇ ਆਮ ਆਦਮੀ ਪਾਰਟੀ (ਆਪ) ਨੂੰ ਵਿਧਾਨ ਸਭਾ ਸੈਸ਼ਨ ਵਿੱਚ ਅਤੇ ਉਸ ਤੋਂ ਬਾਅਦ ਵਿਰੋਧੀਆਂ ਵੱਲੋਂ ਘੇਰੇ ਜਾਣ ਕਰਕੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਪਾਰਟੀ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ, ਜਿਸ ਨੂੰ ਇਕ ਮਹੀਨੇ ਦਾ ਸਮਾਂ ਹੋਣ ਵਾਲਾ ਹੈ, ਪਰ ਕੈਬਨਿਟ ਮੰਤਰੀ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ। ਸੂਤਰਾਂ ਮੁਤਾਬਕ ਸਰਾਰੀ ਦੇ ਰਵੱਈਏ ਤੋਂ ਨਾਰਾਜ਼ ਪਾਰਟੀ ਹਾਈਕਮਾਂਡ ਜਲਦ ਹੀ ਸਰਾਰੀ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ‘ਆਪ’ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਅਗਲੇ ਕੁਝ ਦਿਨਾਂ ਵਿਚ ਸਰਾਰੀ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰ ਸਕਦੀ ਹੈ। ਇਸ ਨਾਲ ਪਾਰਟੀ ਦੋਵਾਂ ਰਾਜਾਂ ਵਿੱਚ ਆਪਣੀ ਸਾਖ਼ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਇਮਾਨਦਾਰ ਦਿਖਾਉਣ ਵਿੱਚ ਕਾਮਯਾਬ ਹੋ ਜਾਵੇਗੀ। ਹਾਲਾਂਕਿ ਇਸ ਮਾਮਲੇ ਵਿੱਚ ‘ਆਪ’ ਦਾ ਕੋਈ ਵੀ ਸਿਆਸੀ ਆਗੂ ਜਾਂ ਮੰਤਰੀ ਬੋਲਣ ਲਈ ਤਿਆਰ ਨਹੀਂ ਹੈ। ਸਾਰਿਆਂ ਦਾ ਕਹਿਣਾ ਹੈ ਕਿ ਸਰਾਰੀ ਦੇ ਮਾਮਲੇ ਨੂੰ ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਖ਼ੁਦ ਦੇਖ ਰਹੇ ਹਨ। ਇਸ ਲਈ ਸਰਾਰੀ ਦੇ ਮਾਮਲੇ ’ਚ ਫ਼ੈਸਲਾ ਵੀ ਮੁੱਖ ਮੰਤਰੀ ਹੀ ਲੈਣਗੇ। ਉਧਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਾਇਰਲ ਆਡੀਓ ਕਲਿੱਪ ਨੂੰ ਫਰਜ਼ੀ ਦੱਸ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਆਡੀਓ ਕਲਿੱਪ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਦੌਰਾਨ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨਾਲ ਰਾਬਤਾ ਨਹੀਂ ਹੋ ਸਕਿਆ। ਦੱਸਣਯੋਗ ਹੈ ਕਿ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ। ‘ਆਪ’ ਨੇ ਪਹਿਲਾਂ ਵੀ ਸਿਹਤ ਮੰਤਰੀ ਵਿਜੈ ਸਿੰਗਲਾ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ। ਲਿਹਾਜ਼ਾ ਪਾਰਟੀ ਸਰਾਰੀ ਖ਼ਿਲਾਫ਼ ਕਾਰਵਾਈ ਕਰਕੇ ਨਵੀਂ ਮਿਸਾਲ ਪੇਸ਼ ਕਰ ਸਕਦੀ ਹੈ।