ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਮਈ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕਰਕੇ ਅੰਮ੍ਰਿਤਸਰ ਸ਼ਹਿਰ ਦੀ ‘ਤੁੰਗ ਢਾਬ ਡਰੇਨ’ ਦਾ ਮੁੱਦਾ ਚੁੱਕਿਆ, ਜਿਸ ਕਾਰਨ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਪ੍ਰਦੂਸ਼ਣ ਫ਼ੈਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਡਰੇਨ ਨੂੰ ਸਾਫ਼ ਤੇ ਪ੍ਰਦੂਸ਼ਣ ਮੁਕਤ ਕਰਨ ਹਿੱਤ ਪਿਛਲੇ ਲੰਬੇ ਸਮੇਂ ਤੋਂ ਯਤਨ ਜਾਰੀ ਹਨ।
ਸੰਸਦ ਮੈਂਬਰ ਨੇ ਦੱਸਿਆ ਕਿ ਸ਼ਹਿਰ ਦੀ ਹੱਦ ਅੰਦਰ ਪੈਂਦੀਆਂ ਡੇਅਰੀਆਂ, ਪੰਚਾਇਤਾਂ ਅਤੇ ਉਦਯੋਗਾਂ ਦਾ ਪਾਣੀ ਇਸ ਡਰੇਨ ਵਿੱਚ ਡਿੱਗ ਰਿਹਾ ਹੈ, ਜਿਸ ਕਾਰਨ ਇਸ ਦਾ ਪਾਣੀ ਹੋਰ ਵੀ ਜ਼ਹਿਰੀਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਡੇਅਰੀਆਂ ਦੇ ਪਾਣੀ ਨੂੰ ਰੋਕਣ ਲਈ ਬਾਇਓਗੈਸ ਪਲਾਂਟ ਲਾਉਣ ਦੀ ਲੋੜ ਹੈ ਅਤੇ ਫਿਰ ਇੰਡਸਟਰੀ ਤੇ ਘਰਾਂ ਦੇ ਗੰਦਲੇ ਪਾਣੀ ਨੂੰ ਰੋਕਣ ਲਈ ਟਰੀਟਮੈਂਟ ਪਲਾਂਟ ਲਗਾਇਆ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਸ਼ਹਿਰ ਦੀ ਦੂਜੇ ਮੁੱਖ ਮੁੱਦੇ ਭਗਤਾਂਵਾਲਾ ਡੰਪ ਬਾਰੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾ ਕੇ ਇਸ ਦੇ ਪੱਕੇ ਹੱਲ ਦੀ ਸਿਫਾਰਸ਼ ਕੀਤੀ। ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਚੱਲ ਰਹੇ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਰੋਜ਼ਾਨਾ ਲੱਖਾਂ ਸ਼ਰਧਾਲੂ ਮੱਥਾ ਟੇਕਣ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਆਉਂਦੇ ਹਨ, ਜਿਸ ਲਈ ਸ਼ਹਿਰ ਦੀ ਖੂਬਸੂਰਤੀ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਸ਼ਹਿਰਾਂ ਤੇ ਪਿੰਡਾਂ ’ਚ ਗੈਸ ਪੰਪ ਜ਼ਿਆਦਾ ਲਗਾਏ ਜਾਣ ਦੀ ਵੀ ਸਿਫਾਰਸ਼ ਕੀਤੀ।