ਪੰਜਾਬ ਭਵਨ ਘੇਰਨ ਜਾਂਦੇ ਯੂਥ ਕਾਂਗਰਸੀ ਪੁਲੀਸ ਨੇ ਡੱਕੇ
ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਅਧਿਕਾਰਾਂ ’ਤੇ ਲਗਾਤਾਰ ਡਾਕਾ ਮਾਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਰੁੱਧ ਲਲਕਾਰ ਮਾਰਚ ਕੀਤਾ ਗਿਆ। ਇਸ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀਆਂ ਨੇ ਮੁਹਾਲੀ ਵਿੱਚ ਇਕੱਠੇ ਹੋ ਕੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਚੰਡੀਗੜ੍ਹ ਪੁਲੀਸ ਨੇ ਚੰਡੀਗੜ੍ਹ ਦੀ ਸਰਹੱਦ ’ਤੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਯੂਥ ਕਾਂਗਰਸੀਆਂ ਅਤੇ ਚੰਡੀਗੜ੍ਹ ਪੁਲੀਸ ਵਿਚਕਾਰ ਵਧੇਰੇ ਖਿੱਚ-ਧੂਹ ਹੋਈ ਹੈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ, ਮੋਹਿਤ ਮਹਿੰਦਰਾ ਸਣੇ ਵੱਡੀ ਦਰਜਨਾਂ ਯੂਥ ਕਾਂਗਰਸ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸ੍ਰੀ ਮਹਿੰਦਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਧੱਕਸ਼ਾਹੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਪੰਜਾਬ ਦੀ ਖੇਤੀਬਾੜੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਵੱਲੋਂ 13 ਮਹੀਨੇ ਦੇ ਲੰਬੇ ਸੰਘਰਸ਼ ਤੋਂ ਬਾਅਦ ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਹੈ। ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਯੂਨੀਵਰਸਿਟੀ ਨੂੰ ਆਪਣੇ ਅਧੀਨ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੂੰ ਇਹ ਫੈਸਲਾ ਵੀ ਵਾਪਸ ਲੈਣਾ ਪਿਆ ਪਰ ਹੁਣ ਕੇਂਦਰ ਨੇ ਸਰਦ ਰੱਤ ਇਜਲਾਸ ਵਿੱਚ ਚੰਡੀਗੜ੍ਹ ਨਾਲ ਸਬੰਧਤ ਬਿੱਲ ਲਿਆ ਕਿ ਚੰਡੀਗੜ੍ਹ ਨੂੰ ਆਪਣੇ ਅਧੀਨ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
