ਅਜੇ ਮਲਹੋਤਰਾ
ਸ੍ਰੀ ਫ਼ਤਹਿਗੜ੍ਹ ਸਾਹਿਬ, 25 ਅਪਰੈਲ
ਵਿਜੀਲੈਂਸ ਬਿਊਰੋ ਦੀ ਇੱਕ ਟੀਮ ਵੱਲੋਂ ਸਰਹਿੰਦ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਮੇਜਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਭੱਲਮਾਜਰਾ ਦੇ ਹਰਬੰਸ ਸਿੰਘ ਨਾਮੀਂ ਵਿਅਕਤੀ ਵੱਲੋਂ ਐਂਟੀ ਕਰੱਪਸ਼ਨ ਹੈਲਪਲਾਈਨ ’ਤੇ ਭੇਜੀ ਗਈ ਸ਼ਿਕਾਇਤ ’ਚ ਦੱਸਿਆ ਗਿਆ ਸੀ ਕਿ ਉਸ ਕੋਲ ਇੱਕ ਵਿਅਕਤੀ ਕਦੇ-ਕਦਾਈਂ ਕੰਮ ਕਰਨ ਲਈ ਆਉਂਦਾ ਸੀ ਜਿਸ ਦੀ ਬੀਤੀ 31 ਮਾਰਚ ਨੂੰ ਅਚਾਨਕ ਤਬੀਅਤ ਵਿਗੜ ਗਈ। ਉਸਨੂੰ ਚਨਾਰਥਲ ਕਲਾਂ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ , ਜਿੱਥੋਂਂ ਉਸਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਰੈਫ਼ਰ ਕਰ ਦਿੱਤਾ ਗਿਆ। ਇੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਇਸ ਸਬੰਧ ’ਚ ਸਹਾਇਕ ਥਾਣੇਦਾਰ ਮੇਜਰ ਸਿੰਘ ਵੱਲੋਂ ਹਰਬੰਸ ਸਿੰਘ ਨੂੰ ਥਾਣੇ ਬੁਲਾ ਕੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਜਿਸ ’ਤੇ ਸ਼ਿਕਾਇਤਕਰਤਾ ਵੱਲੋਂ 50 ਹਜ਼ਾਰ ਰੁਪਏ ਦੇ ਦਿੱਤੇ ਗਏ ਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕੁਝ ਦਿਨ ਬਾਅਦ ਉਕਤ ਥਾਣੇਦਾਰ ਵੱਲੋਂ ਹੋਰ ਪੈਸਿਆਂ ਦੀ ਮੰਗ ਕੀਤੀ ਜਾਣ ਲੱਗੀ ਜਿਸ ’ਤੇ ਸ਼ਿਕਾਇਤਕਰਤਾ ਵੱਲੋਂ ਉਸਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਕਰ ਲਈ ਗਈ। ਮਾਮਲੇ ਦੀ ਤਫਤੀਸ਼ ਕਰ ਰਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਸਹਾਇਕ ਥਾਣੇਦਾਰ ਨੂੰ ਗ੍ਰਿਫ਼ਤਾਰ ਕਰ ਕੇ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।