ਅਸ਼ੋਕ ਸੀਕਰੀ
ਗੁਰੂਹਰਸਹਾਏ, 30 ਜਨਵਰੀ
ਇੱਥੇ ਅੱਜ ਕਾਂਗਰਸੀ ਉਮੀਦਵਾਰ ਵਿਜੈ ਕਾਲੜਾ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਰਮਿੰਦਰ ਆਵਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਗੁਰੂਹਰਸਹਾਏ ਤੋਂ ਟਿਕਟ ਦੀ ਮੰਗ ਕੀਤੀ ਸੀ ਪਰ ਕਾਂਗਰਸ ਹਾਈ ਕਮਾਂਡ ਨੇ ਇੱਥੋਂ ਵਿਜੈ ਕਾਲੜਾ ਨੂੰ ਟਿਕਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਕਾਲੜਾ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਉਹ ਵੱਡੀ ਜਿੱਤ ਦਿਵਾ ਕੇ ਵਿਧਾਨ ਸਭਾ ਭੇਜਣਗੇ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਬਾਰੇ ਸੋਸ਼ਲ ਮੀਡੀਆਂ ’ਤੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ਵਿਚ ਕੋਈ ਸੱਚਾਈ ਨਹੀਂ ਹੈ। ਉਹ ਕਾਂਗਰਸ ਦੇ ਸੱਚੇ ਸਿਪਾਹੀ ਹਨ। ਹਾਈਕਮਾਂਡ ਨੇ ਮਾਲਵਾ ਜ਼ੋਨ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੀ ਉਨ੍ਹਾਂ ਦੀ ਡਿਊਟੀ ਲਗਾਈ ਹੈ। ਉਹ ਇਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਲਿਆਉਣ ਵਿਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਵਿਜੈ ਕਾਲੜਾ ਨੇ ਕਿਹਾ ਕਿ ਗੁਰੂਹਰਸਹਾਏ ਹਲਕੇ ਨਾਲ ਉਨ੍ਹਾਂ ਦਾ ਖ਼ਾਸ ਲਗਾਓ ਹੈ। ਉਹ ਲੋਕਾਂ ਦੇ ਹੱਕਾਂ ਪ੍ਰਤੀ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਜੋ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਕਾਂਗਰਸ ਵਿਚ ਦੁਬਾਰਾ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕੋਈ ਪਾੜ ਨਹੀਂ ਪਿਆ। ਸਾਰੇ ਆਗੂ ਇਕਜੁੱਟ ਹੋ ਕੇ ਦੁਬਾਰਾ ਕਾਂਗਰਸ ਦੀ ਸਰਕਾਰ ਬਣਾਉਣਗੇ।