ਦਵਿੰਦਰ ਸਿੰਘ ਭੰਗੂ
ਰਈਆ, 22 ਅਗਸਤ
ਰੱਖੜ ਪੁੰਨਿਆ ਦੇ ਮੇਲੇ ਮੌਕੇ ਪੰਜਾਬ ਸਰਕਾਰ ਦੀ ਤਰਫ਼ੋਂ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਿਕ ਬਾਬਾ ਬਕਾਲਾ ਸਾਹਿਬ ਨੂੰ ਗਰਾਮ ਪੰਚਾਇਤ ਤੋਂ ਨਗਰ ਪੰਚਾਇਤ ਦਾ ਦਰਜਾ ਦੇ ਦਿੱਤਾ ਹੈ ਤੇ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਬੀਤੇ ਦਿਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹਸਪਤਾਲ ਵਿੱਚ ਸਿਹਤ ਕਰਮੀਆਂ ਤੇ ਇਲਾਕੇ ਦ ਮੋਹਤਬਰਾਂ ਨਾਲ ਵਿਚਾਰ ਸਾਂਝੇ ਕਰਦੇ ਇਸ ਇਤਿਹਾਸਕ ਮੌਕੇ ਬਾਬਾ ਬਕਾਲਾ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਮਾਵਾਂ ਤੇ ਛੋਟੇ ਬੱਚਿਆਂ ਦੀ ਸਿਹਤ ਸੰਭਾਲ ਲਈ 20 ਬਿਸਤਰਿਆਂ ਦਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੀ ਮੰਗ ਨੂੰ ਧਿਆਨ ’ਚ ਰੱਖਦੇ ਹੋਏ ਵੱਡੇ ਕਸਬੇ ਰਈਆ ਵਿੱਚ ਵੀ ਚੱਲ ਰਹੇ ਸਿਹਤ ਕੇਂਦਰ ਦਾ ਨਵ-ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਰੋਨਾ ਸੰਕਟ ਦੌਰਾਨ ਇਲਾਕੇ ’ਚ ਸਿਹਤ ਸੇਵਾਵਾਂ ਦੇਣ ਵਾਲੇ ਸਿਹਤ ਕਰਮੀਆਂ ਦਾ ਸਨਮਾਨ ਵੀ ਕੀਤਾ।
ਸ੍ਰੀ ਸਿੱਧੂ ਨੇ ਸਿਹਤ ਕਰਮੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀਆਂ ਸ਼ਲਾਘਾ ਕਰਦੇ ਕਿਹਾ ਕਿ ਤੁਹਾਡੀ ਬਦੌਲਤ ਪੰਜਾਬ ਦੇਸ਼ ਭਰ ਦੇ ਉਨ੍ਹਾਂ ਸੂਬਿਆਂ ਦੀ ਕਤਾਰ ’ਚ ਖੜ੍ਹਾ ਹੈ, ਜਿੱਥੇ ਕਰੋਨਾ ਦੌਰਾਨ ਲੋਕਾਂ ਨੂੰ ਹਰ ਤਰਾਂ ਦੀ ਸਿਹਤ ਸਹੂਲਤ ਮਿਲਦੀ ਰਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਲਈ ਕੀਤੇ ਗਏ ਪ੍ਰਬੰਧਾਂ ਕਾਰਨ ਆਕਸੀਜਨ ਦਾ ਭੰਡਾਰ ਖ਼ਤਮ ਨਹੀਂ ਹੋਇਆ ਤੇ ਦਿੱਲੀ ਤੋਂ ਆਏ ਲੋਕਾਂ ਦਾ ਇਲਾਜ ਵੀ ਕਰਦੇ ਰਹੇ। ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਜਿੱਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਇਲਾਕੇ ਨੂੰ ਰੱਖੜੀ ਮੌਕੇ ਦਿੱਤੇ ਤੋਹਫ਼ਿਆਂ ਲਈ ਧੰਨਵਾਦ ਕੀਤਾ, ਉੱਥੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਿਆਸ ’ਚ ਛੇਤੀ ਹੀ ਨਵੀਂ ਆਈ.ਟੀ.ਆਈ. ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬਿਆਸ ’ਚ ਸਬ ਤਹਿਸੀਲ ਦਾ ਕੰਪਲੈਕਸ ਵੀ ਉਸਾਰੀ ਅਧੀਨ ਹੈ। ਇਸ ਦੌਰਾਨ ਸਿੱਧੂ ਤੇ ਭਲਾਈਪੁਰ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੇ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ।